ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਨਫ਼ਰੀ ਵਧਾਈ ਜਾਵੇ

by jaskamal

ਨਿਊਜ਼ ਡੈਸਕ: ਸੂਬੇ ਦੀਆਂ ਜੇਲ੍ਹਾਂ ਨੂੰ ਅਸਲ ਅਰਥਾਂ ਵਿੱਚ ‘ਸੁਧਾਰ ਘਰ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਜੇਲ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਪੂਰੀ ਤਰਾਂ ਬੰਦ ਕਰਨ ਅਤੇ ਜੇਲ ਦੇ ਅੰਦਰ ਚੱਲ ਰਹੇ ਮੋਬਾਈਲਾਂ ਬਾਰੇ ਪਤਾ ਲਗਾਉਣ ਲਈ ਨਵੀਨਤਮ ਤਕਨਾਲੋਜੀ ਵਰਤਣ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ।

ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਜੇਲਾਂ ਵਿੱਚ ਨਫ਼ਰੀ (ਮੈਨ ਪਾਵਰ) ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਤੇ ਜੇਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਜੇਲਾਂ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੈਦੀਆਂ ਦੀ ਨਕੇਲ ਕੱਸਣ ਲਈ ਵਾਧੂ ਪੁਲਿਸ ਕਰਮੀ ਤਾਇਨਾਤ ਕਰਨ ਲਈ ਕਿਹਾ।