ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ‘ਚ ਰਾਖਵਾਂਕਰਨ ਦਾ ਆਵੇਗਾ ਕਾਨੂੰਨ : CM ਚੰਨੀ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੰਨੀ ਸਰਕਾਰ ਵੋਟਰਾਂ ਨੂੰ ਲੁਭਾਉਣ 'ਚ ਪੂਰੀ ਤਰ੍ਹਾਂ ਜੁੱਟੀ ਹੋਈ ਹੈ। ਇਸ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਉਹ ਜਲਦੀ ਹੀ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ 'ਚ ਸਥਾਨਕ ਲੋਕਾਂ ਦਾ ਰਾਖਵਾਂਕਰਨ ਯਕੀਨੀ ਬਣਾਉਣ ਲਈ ਇਕ ਕਾਨੂੰਨ ਲੈ ਕੇ ਆਉਣਗੇ। ਇਕ ਵਿਸ਼ੇਸ਼ ਮੀਡੀਆ ਇੰਟਰਵਿਊ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪੰਜਾਬੀਆਂ ਦੀਆਂ ਨੌਕਰੀਆਂ ਸਬੰਧੀ ਕਾਨੂੰਨੀ ਟੀਮ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਸਰ ਗੁਆਂਢੀ ਸੂਬੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਥਾਂ ਨੌਕਰੀ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਮਗਾਰਡ ਦੇ 5,000 ਅਹੁਦਿਆਂ ਸਮੇਤ ਇਕ ਲੱਖ ਆਸਾਮੀਆਂ ਭਰਨ ਦੀ ਹੋਵੇਗੀ। ਮੁੱਖ ਮੰਤਰੀ ਚੰਨੀ ਨੇ ਕਾਂਗਰਸ ਦੇ ਸੱਤਾ 'ਚ ਬਣੇ ਰਹਿਣ 'ਤੇ ਰੇਤ ਮਾਫ਼ੀਆ 'ਤੇ ਲਗਾਮ ਲਾਉਣ ਲਈ ਸਰਕਾਰ ਦੀ ਨਿਗਰਾਨੀ 'ਚ ਇਕ ਨਿਗਮ ਸਥਾਪਿਤ ਕਰਨ ਦੇ ਵੀ ਸੰਕੇਤ ਦਿੱਤੇ।

ਅਸੀਂ 4 ਵਾਰ ਦਰਾਂ ਘਟਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸਰਕਾਰ ਵੱਲੋਂ ਤੈਅ ਕੀਤੀਆਂ ਗਈਆਂ ਦਰਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਅਰਥ ਸ਼ਾਸਤਰ ਅਤੇ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀ ਹਨ। ਉਨ੍ਹਾਂ ਕਿਹਾ ਕਿ ਉਹ ਨਾ ਸਿਰਫ ਸਰਕਾਰੀ ਖ਼ਰਚੇ 'ਚ ਕਟੌਤੀ ਕਰਨਗੇ, ਸਗੋਂ ਟੈਕਸ ਚੋਰੀ ਨੂੰ ਵੀ ਰੋਕਣਗੇ।