
ਨਵਾਂਸ਼ਹਿਰ (ਰਾਘਵ): ਪਿੰਡ ਉਸਮਾਨਪੁਰ ਵਿਖੇ ਅਣਪਛਾਤਿਆਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਅਮਨਦੀਪ ਸਿੰਘ ਉਰਫ ਅਮਨੀ (28) ਪੁੱਤਰ ਸੁਰਿੰਦਰ ਸਿੰਘ ਪਿੰਡ ਉਸਮਾਨਪੁਰ ਰੋਟੀ ਖਾ ਕੇ ਸੈਰ ਕਰਨ ਨਿਕਲਿਆ ਸੀ ਕਿ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਉਧਰ ਮੌਕੇ 'ਤੇ ਪੁੱਜੇ ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਵੱਲੋਂ ਜਾਇਜ਼ਾ ਲੈਣ ਉਪਰੰਤ 5 ਰੌਂਦ ਬਰਾਮਦ ਕਰ ਕੇ ਮ੍ਰਿਤਕ ਦੇ ਪਰਿਵਾਰ ਕ ਮੈਂਬਰਾਂ ਦੇ ਬਿਆਨਾਂ ਅਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅਣਪਛਾਤੇ ਕਥਿਤ ਮੁਲਜ਼ਮਾਂ ਵੱਲੋਂ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਭੰਨਿਆ ਵੀ ਗਿਆ ਹੈ ਜਦਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਕਬਜ਼ੇ 'ਚ ਲੈ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਵਿਚ ਧਾਰਮਿਕ ਸਮਾਗਮ ਵੀ ਚੱਲ ਰਿਹਾ ਸੀ ਜਿਸ ਕਾਰਨ ਪਿੰਡ ਵਿਚ ਦੂਰ-ਦੁਰਾਢੇ ਤੋਂ ਲੋਕ ਸਮਾਗਮ ਦੇਖਣ ਆਏ ਹੋਏ ਸਨ। ਲੋਕਾਂ ਦੱਸਿਆ ਕਿ ਅਮਨਦੀਪ ਸਿੰਘ ਇਕ ਚੰਗੇ ਸੁਭਾਅ ਦਾ ਨੌਜਵਾਨ ਸੀ ਤੇ ਹਰੇਕ ਦੇ ਦੁੱਖ-ਸੁੱਖ 'ਚ ਸ਼ਰੀਕ ਹੁੰਦਾ ਸੀ। ਅਮਨਦੀਪ ਦਾ ਕਿਸੇ ਨਾਲ ਕੋਈ ਵੈਰ-ਵਿਰੋਧ ਨਹੀਂ ਸੀ ਪਰ ਉਸ ਨਾਲ ਵਾਪਰੀ ਇਸ ਘਟਨਾ ਨੇ ਲੋਕਾਂ ਦੇ ਮਨਾਂ 'ਚ ਸੈਂਕੜੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰ ਉਸ ਦਾ ਮੋਬਾਇਲ ਫੋਨ ਵੀ ਆਪਣੇ ਨਾਲ ਲੈ ਗਏ ਹਨ। ਉਧਰ, ਡੀਐੱਸਪੀ ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਸਿੰਘ ਉਰਫ ਅਮਨੀ ਦੇ ਪਿਤਾ ਸੁਰਿੰਦਰ ਸਿੰਘ ਦੇ ਬਿਆਨ 'ਤੇ ਅਣਪਛਾਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਫੋਨ ਦੀ ਲੁੱਟ-ਖੋਹ, ਪੁਰਾਣੀ ਰੰਜਿਸ਼ ਸਮੇਤ ਹੋਰਨਾਂ ਵੱਖ-ਵੱਖ ਐਂਗਲਾਂ ਤੇ ਵੀ ਪੜਤਾਲ ਕੀਤੀ ਜਾ ਰਹੀ ਹੈ।