ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਉਣ ਲਈ 414 ਸਿੱਖ ਸ਼ਰਧਾਲੂ ਪਾਕਿਸਤਾਨ ਲਈ ਰਵਾਨਾ

by

ਅਟਾਰੀ : ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ (ਪਾਕਿਸਤਾਨ) ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਉਣ ਲਈ ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ 414 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ।ਇਹ ਜੱਥਾ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਤੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਇਕ ਵਿਸ਼ੇਸ਼ ਰੇਲ ਗੱਡੀ ਰਾਹੀਂ ਰਵਾਨਾ ਹੋਇਆ। ਰਵਾਨਾ ਹੋਣ ਸਮੇਂ ਡਾ. ਰੂਪ ਸਿੰਘ ਅਤੇ ਗੁਰਮੀਤ ਸਿੰਘ ਬੂਹ ਨੇ ਦੱਸਿਆ ਕਿ 29 ਜੂਨ ਨੂੰ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਸਿੱਖ ਸੰਗਤਾਂ ਵਲੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। 

30 ਜੂਨ ਨੂੰ ਗੁਰਦਆਰਾ ਸ੍ਰੀ ਰੌੜੀ ਸਾਹਿਬ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਕਰਨ ਉਪਰੰਤ 6 ਜੁਲਾਈ ਨੂੰ ਵਤਨ ਪਰਤ ਆਵੇਗਾ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਬਿਆਨ ਅਨੁਸਾਰ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜਿਸ ਦੀ ਸੰਪੂਰਨਤਾ ਗੁਰਦਆਰਾ ਸੁਲਤਾਨਪੁਰ ਲੋਧੀ ਸਾਹਿਬ ਵਿਖੇ ਹੋਵੇਗੀ।

ਉਨ੍ਹਾਂ ਕਿਹਾ ਕਿ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਉਹ ਪਾਕਿ ਵੱਸਦੀ ਸਿੱਖ ਸੰਗਤ ਨੂੰ ਵੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਭਾਰਤ-ਪਾਕਿ ਦੋਵਾਂ ਸਰਕਾਰਾਂ ਨੂੰ ਵਾਰ-ਵਾਰ ਅਪੀਲ ਕੀਤੀ ਗਈ ਹੈ ਕਿ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਣਾਲੀ ਨੂੰ ਸੁਖਾਲਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸਿੱਖ ਸ਼ਰਧਾਲੂ ਆਪਣੇ ਗੁਰਧਾਮਾਂ ਦੇ ਦਰਸ਼ਨ ਦਿਦਾਰੇ ਕਰ ਸਕਣ। ਇਸ ਮੌਕੇ ਦਿੱਲੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਜੱਥੇ ਦੇ ਡਿਪਟੀ ਲੀਡਰ ਜਗਮੋਹਨ ਸਿੰਘ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਬਾਰੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨਾਲ ਗੱਲਬਾਤ ਕਰਨਗੇ।