ਪੱਤਰ ਪ੍ਰੇਰਕ : ਦੀਵਾਲੀ ਅਤੇ ਬੰਦੀ ਛੋੜ ਦਿਵਸ ਵਾਲੇ ਦਿਨ ਇੱਕ ਨਿਹੰਗ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਭੰਗ ਕਰਦਿਆਂ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਐਸਜੀਪੀਸੀ ਨੇ ਸਹਾਇਕ ਹੈੱਡ ਗ੍ਰੰਥੀ ਸਮੇਤ 8 ਮੁਲਾਜ਼ਮਾਂ ਨੂੰ ਜੁਰਮਾਨਾ ਕੀਤਾ ਹੈ। ਇਨ੍ਹਾਂ ਸਾਰੇ ਮੁਲਾਜ਼ਮਾਂ ’ਤੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਇਲਜ਼ਾਮ ਲਾਏ ਗਏ ਹਨ।
ਦੱਸ ਦਈਏ ਕਿ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਰਾਜਪੁਰਾ ਨਿਵਾਸੀ ਇੱਕ ਨਿਹੰਗ ਸਿੰਘ ਭਾਈ ਸੁਖਚੈਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਫਸੀਲ ਤੋਂ ਸੰਗਤ ਨੂੰ ਸੰਬੋਧਨ ਕਰਦਿਆਂ 96 ਕਰੋੜੀ ਬਾਬਾ ਬਲਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਉਣ ਦੀ ਮੰਗ ਰਖੀ ਸੀ।
ਪ੍ਰਤੱਖਦਰਸ਼ੀਆਂ ਮੁਤਾਬਿਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ 'ਚ ਬੈਠੇ ਸਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮਾਗਮ ਵਿਚਾਲੇ ਛੱਡ ਕੇ ਜਾ ਚੁੱਕੇ ਸਨ। ਜਿਵੇਂ ਹੀ ਭਾਈ ਸੁਖਚੈਨ ਸਿੰਘ ਨਾਮਕ ਨਿਹੰਗ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ 'ਚ ਬੈਠੇ ਗਿਆਨੀ ਮਲਕੀਤ ਸਿੰਘ ਨੇ ਇਕ ਸੇਵਾਦਾਰ ਨੂੰ ਕਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਮਾਇਕ ਬੰਦ ਕਰਵਾ ਦਿੱਤੇ ਸਨ।
ਇਹ ਨਿਹੰਗ ਸਿੰਘ ਕਰੀਬ 10 ਮਿੰਨ ਤੱਕ ਬੋਲ ਕੇ ਚਲਾ ਗਿਆ, ਜਿਸ ਲਈ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹੈਡ ਗ੍ਰੰਥੀ ਅਤੇ ਸੇਵਾਦਾਰਾਂ ਨੂੰ ਜ਼ਿੰਮੇਵਾਰ ਮੰਨਿਆ ਹੈ। ਇਸ ਲਈ ਹੈਡ ਗ੍ਰੰਥੀ ਸਮੇਤ 9 ਸੇਵਾਦਾਰਾਂ ਨੂੰ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।



