ਮਹੀਨੇ ਅੰਦਰ ਹਟਾਏ ਜਾਣਗੇ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ : ਧਾਲੀਵਾਲ

by jaskamal

ਨਿਊਜ਼ ਡੈਸਕ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਸਖਤੀ ਨਾਲ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ। ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇਕ ਮਹੀਨੇ ਦੇ ਅੰਦਰ 31 ਮਈ 2022 ਤੱਕ 5 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲ੍ਹੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਖੁੱਲ੍ਹੀ ਬੋਲੀ ਸਬੰਧੀ ਕੀਤੀਆਂ ਜਾਂਦੀਆਂ ਅਨਾਊਂਸਮੈਂਟਾਂ ਦੀ ਵੀਡੀਓ ਵੀ ਰਿਕਾਰਡਿੰਗ ਯਕੀਨੀ ਬਣਾਈ ਜਾਵੇ।