ਅੱਜ ਦਾ ਹੁਕਮਨਾਮਾ; ਸ਼ਨਿਚਰਵਾਰ, ੬ ਚੇਤ (ਸੰਮਤ ੫੫੪ ਨਾਨਕਸ਼ਾਹੀ)

by jaskamal

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ।