ਨਿਊਜ਼ ਡੈਸਕ : ਪੰਜਾਬ ਸਰਕਾਰ ਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦੇਣ ਦੇ ਮਾਮਲੇ 'ਚ ਜਵਾਬ ਦਾਖ਼ਲ ਕੀਤਾ ਹੈ। ਘੁਟਾਲੇ ਦੇ ਦੋਸ਼ਾਂ 'ਚ ਘਿਰੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਕਿ ਆਸ਼ੂ ਖਿਲਾਫ਼ 18 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਮਾਮਲੇ ਦੀ ਅਗਲੀ ਸੁਣਵਾਈ 8 ਅਗਸਤ ਉਤੇ ਪਾ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਭਾਰਤ ਭੂਸ਼ਣ ਆਸ਼ੂ 'ਤੇ ਦੋ ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਮੰਤਰੀ ’ਤੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ 'ਚ ਗੜਬੜੀ ਦੇ ਦੋਸ਼ ਲਾਏ ਗਏ ਸਨ। ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਸਨ।

