ਪੱਤਰ ਪ੍ਰੇਰਕ : ਐਨ.ਡੀ.ਪੀ.ਐਸ ਦੇ ਇੱਕ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਵੱਲੋਂ ਆਪਣੇ ਖ਼ਿਲਾਫ਼ ਕਾਰਵਾਈ 'ਤੇ ਸ਼ੱਕ ਜ਼ਾਹਰ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪਟੀਸ਼ਨ ਦਾਇਰ ਕਰਦਿਆਂ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਸਰਕਾਰ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ 'ਚ ਨਾਮਜ਼ਦ ਕਰ ਸਕਦੀ ਹੈ।
ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਅਗਾਊਂ ਸੂਚਨਾ ਦੇਣ ਦੀ ਮੰਗ ਕੀਤੀ ਹੈ। ਅਦਾਲਤ ਨੇ ਖਹਿਰਾ ਦੀ ਇਸ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਹਾਈ ਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਇਸ ਨੂੰ ਚੀਫ਼ ਜਸਟਿਸ ਨੂੰ ਨਵਾਂ ਬੈਂਚ ਨਿਰਧਾਰਤ ਕਰਨ ਲਈ ਭੇਜ ਦਿੱਤਾ, ਜੋ ਸ਼ੁੱਕਰਵਾਰ ਨੂੰ ਕਿਸੇ ਹੋਰ ਅਦਾਲਤ ਵਿੱਚ ਸੁਣਵਾਈ ਲਈ ਆਇਆ ਸੀ। ਖਹਿਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 2015 ਵਿੱਚ ਦਰਜ ਐਨਡੀਪੀਐਸ ਇਸ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਉਸ ਦੀ ਪਟੀਸ਼ਨ ਹਾਈ ਕੋਰਟ ਵਿੱਚ ਪੈਂਡਿੰਗ ਹੈ।

