ਪੱਤਰ ਪ੍ਰੇਰਕ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਈਡੀ ਨੇ 21 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 30 ਅਕਤੂਬਰ ਨੂੰ ਨੋਟਿਸ ਜਾਰੀ ਕਰਨ ਤੋਂ ਬਾਅਦ 2 ਨਵੰਬਰ ਨੂੰ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਸੀ। ਹਾਲਾਂਕਿ ਇਸ ਦੌਰਾਨ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ।
ਈਡੀ ਨੇ ਮਾਮਲੇ ਵਿੱਚ ਦਾਇਰ ਆਪਣੀ ਚਾਰਜਸ਼ੀਟ ਵਿੱਚ ਕਈ ਵਾਰ ਕੇਜਰੀਵਾਲ ਦੇ ਨਾਮ ਦਾ ਜ਼ਿਕਰ ਕੀਤਾ ਹੈ ਅਤੇ ਕਿਹਾ ਹੈ ਕਿ ਦੋਸ਼ੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੇ ਸੰਪਰਕ ਵਿੱਚ ਸਨ। ਬਾਅਦ ਵਿੱਚ ਇਹ ਆਬਕਾਰੀ ਨੀਤੀ ਰੱਦ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪ੍ਰੈਲ ਮਹੀਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਹੁਣ ਤੱਕ ‘ਆਪ’ ਦੇ ਤਿੰਨ ਆਗੂ ਜੇਲ੍ਹ ਜਾ ਚੁੱਕੇ ਹਨ। ਮਨੀਸ਼ ਸਿਸੋਦੀਆ, ਸੰਜੇ ਸਿੰਘ ਜੇਲ 'ਚ ਹਨ, ਜਦਕਿ ਸਤੇਂਦਰ ਜੈਨ ਜ਼ਮਾਨਤ 'ਤੇ ਬਾਹਰ ਹਨ।



