ਪੱਤਰ ਪ੍ਰੇਰਕ : ਭਾਰਤ ਦੀ ਸਟਾਰ ਬੈਡਮਿੰਟਨ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਸਾਲ 2023 ਲਈ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦਿੱਤਾ ਜਾਵੇਗਾ, ਜਦਕਿ ਵਨਡੇ ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕ੍ਰਿਕਟਰ ਮੁਹੰਮਦ ਸ਼ਮੀ ਅਤੇ ਪੈਰਾ ਏਸ਼ੀਆਈ ਖੇਡਾਂ ਦੀ ਚੈਂਪੀਅਨ ਤੀਰਅੰਦਾਜ਼ ਸ਼ੀਤਲ ਦੇਵੀ ਸਮੇਤ 26 ਖਿਡਾਰੀਆਂ ਨੂੰ ਦਿੱਤਾ ਜਾਵੇਗਾ। ਇਹ ਪੁਰਸਕਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ 9 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ ਪ੍ਰਦਾਨ ਕੀਤੇ ਜਾਣਗੇ।
ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਸਿਫ਼ਾਰਸ਼ ਕੀਤੇ ਨਾਵਾਂ ਦੇ ਆਧਾਰ ’ਤੇ ਭਾਰਤ ਦੀ ਨੰਬਰ ਇੱਕ ਬੈਡਮਿੰਟਨ ਪੁਰਸ਼ ਡਬਲਜ਼ ਟੀਮ ਚਿਰਾਗ ਅਤੇ ਸਾਤਵਿਕ ਨੂੰ ਸਰਵਉੱਚ ਖੇਡ ਸਨਮਾਨ ਖੇਡ ਰਤਨ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ 26 ਖਿਡਾਰੀਆਂ ਨੂੰ ਅਰਜੁਨ ਐਵਾਰਡ ਦਿੱਤਾ ਜਾਵੇਗਾ, ਜਿਸ 'ਚ ਵਨਡੇ ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 33 ਸਾਲਾ ਤੇਜ਼ ਗੇਂਦਬਾਜ਼ ਸ਼ਮੀ ਵੀ ਸ਼ਾਮਲ ਹਨ। ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਭਾਰਤ ਨੂੰ ਆਸਟਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਖੇਡ ਮੰਤਰਾਲੇ ਦੇ ਸੂਤਰਾਂ ਮੁਤਾਬਕ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸ਼ਮੀ ਦਾ ਨਾਂ ਸੂਚੀ 'ਚ ਸ਼ਾਮਲ ਕਰਨ ਲਈ ਵਿਸ਼ੇਸ਼ ਬੇਨਤੀ ਕੀਤੀ ਸੀ। ਇਸ ਤੋਂ ਪਹਿਲਾਂ ਉਸ ਦਾ ਨਾਂ ਦੇਸ਼ ਦੇ ਦੂਜੇ ਸਰਵਉੱਚ ਖੇਡ ਪੁਰਸਕਾਰ ਲਈ ਨਾਮਜ਼ਦ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਸੀ। ਸ਼ਮੀ ਨੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਸਿਰਫ਼ ਸੱਤ ਮੈਚਾਂ ਵਿੱਚ ਸਭ ਤੋਂ ਵੱਧ 24 ਵਿਕਟਾਂ ਲਈਆਂ ਸਨ। ਪਹਿਲੇ ਚਾਰ ਮੈਚਾਂ ਤੋਂ ਬਾਹਰ ਹੋਣ ਤੋਂ ਬਾਅਦ ਜਦੋਂ ਸ਼ਮੀ ਨੂੰ ਮੌਕਾ ਮਿਲਿਆ ਤਾਂ ਉਸ ਨੇ ਇਸ ਦਾ ਪੂਰਾ ਫਾਇਦਾ ਉਠਾਇਆ।



