ਬਨੂੜ (ਰਾਘਵ): ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੀ ਕੌਮੀ ਸੜਕ ’ਤੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਚਾਲਕ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਕਟਿਵਾ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਸ਼ੰਭੂ ਥਾਣਾ ਅਧੀਨ ਪੈਂਦੇ ਪਿੰਡ ਸ਼ੰਭੂ ਕਲਾ ਦੇ ਵਸਨੀਕ ਹਰਭਜਨ ਸਿੰਘ ਪੁੱਤਰ ਫੁੰਮਣ ਸਿੰਘ ਉਮਰ 68 ਸਾਲ ਅਤੇ ਹਰਦਮ ਸਿੰਘ ਪੁੱਤਰ ਰਾਮ ਸਿੰਘ ਉਮਰ 69 ਸਾਲ ਪਿੰਡ ਤੋਂ ਐਕਟਿਵਾ 'ਤੇ ਸਰਕਾਰੀ ਹਸਪਤਾਲ ਲਈ ਗਏ ਸਨ | ਸੈਕਟਰ-32 ਚੰਡੀਗੜ੍ਹ ਵਿਖੇ ਦਵਾਈਆਂ ਲੈਣ ਲਈ ਜਾ ਰਹੇ ਸਨ। ਜਦੋਂ ਐਕਟਿਵਾ ਸਵਾਰ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੀ ਕੌਮੀ ਸੜਕ ’ਤੇ ਪੈਂਦੇ ਪਿੰਡ ਕਰਾਲਾ ਦੇ ਸਾਹਮਣੇ ਪੁੱਜੇ ਤਾਂ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿੱਚ ਐਕਟਿਵਾ ਸਵਾਰ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਨੂੜ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹਰਭਜਨ ਸਿੰਘ ਦੀ ਮੌਤ ਹੋ ਗਈ ਅਤੇ ਹਰਦਮ ਸਿੰਘ ਨੂੰ ਜਦੋਂ ਇਲਾਜ ਲਈ ਚੰਡੀਗੜ੍ਹ ਲਿਜਾਇਆ ਜਾ ਰਿਹਾ ਸੀ ਤਾਂ ਕੌਮੀ ਮਾਰਗ ’ਤੇ ਅਜ਼ੀਜ਼ਪੁਰ ਟੋਲ ਪਲਾਜ਼ਾ ਨੇੜੇ ਐਂਬੂਲੈਂਸ ਵਿੱਚ ਹੀ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸਕਾਰਪੀਓ ਗੱਡੀ ਦੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਰਾਜਪੁਰਾ ਦੇ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।


