ਜਲੰਧਰ (ਰਾਘਵ) : ਜਲੰਧਰ (ਚੋਪੜਾ)–ਜਲਧੰਰ ਤੋਂ ਅਹਿਮ ਖ਼ਬਰ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਸ਼ਹਿਰ ਵਿੱਚ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਮਹਾਜਨ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਕਿਸੇ ਵੀ ਵਿਅਕਤੀ ਨੂੰ ਭਾਰਤੀ ਫ਼ੌਜ ਅਤੇ ਪੁਲਸ ਦੇ ਅਧਿਕਾਰੀਆਂ ਨੂੰ ਛੱਡ ਕੇ ਪੁਲਸ, ਫ਼ੌਜ, ਸੀ. ਆਰ. ਪੀ. ਐੱਫ਼. ਦੇ ਕੰਪਲੈਕਸ ਵਿਚ ਪ੍ਰਵੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਬੀ. ਐੱਸ. ਐੱਫ਼. ਅਤੇ ਹੋਰ ਬਲਾਂ ਦੀ ਵਰਦੀ ਅਤੇ ਜੇਤੂਨ ਦੇ ਰੰਗ (ਫ਼ੌਜੀ ਰੰਗ) ਦੇ ਵਾਹਨ/ਮੋਟਰਸਾਈਕਲ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਘੱਟੋ-ਘੱਟ 7 ਦਿਨਾਂ ਤੱਕ ਰਿਕਾਰਡਿੰਗ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਲੰਧਰ ਦੇਹਾਤ ਦੇ ਅਧਿਕਾਰ ਖੇਤਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ ਅਤੇ ਤੁਰੰਤ ਪ੍ਰਭਾਵ ਨਾਲ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਦੀ ਉਡਾਣ 'ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਬਣਾਈ ਰੱਖਣ ਦੇ ਮਕਸਦ ਨਾਲ ਯੂਏਵੀ/ਡਰੋਨ ਦੀ ਵਰਤੋਂ ਕਰਨ ਵਾਲੇ ਪੁਲਿਸ ਅਤੇ ਹਥਿਆਰਬੰਦ ਬਲਾਂ ਨੂੰ ਡਰੋਨ ਦੀ ਤਾਇਨਾਤੀ ਤੋਂ ਪਹਿਲਾਂ ਇਸ ਦਫ਼ਤਰ ਨੂੰ ਸੂਚਿਤ ਕਰਨਾ ਹੋਵੇਗਾ। ਜਦੋਂ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਅਧੀਨ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਥਾਵਾਂ 'ਤੇ ਖੁੱਲ੍ਹਾ ਨਹੀਂ ਛੱਡੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਦਾ ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨਿਆਂ ਤੱਕ ਲਾਗੂ ਰਹੇਗਾ।



