ਜਲੰਧਰ (ਨੇਹਾ): ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਸਖਤ ਕਾਰਵਾਈ ਕਰਨ ਤੋਂ ਬਾਅਦ ਹੁਣ ਜਲੰਧਰ ਦੇਹਾਤ ਪੁਲਸ ਨੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾ ਦਿੱਤਾ ਹੈ। ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੇ ਹਿੱਸੇ ਵਜੋਂ ਜਲੰਧਰ ਦਿਹਾਤੀ ਪੁਲਸ ਨੇ ਸਥਾਨਕ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਦਦ ਨਾਲ ਅੱਜ ਫਿਲੌਰ ਸਬ-ਡਵੀਜ਼ਨ ਦੇ ਪਿੰਡ ਖਾਨਪੁਰ ਅਤੇ ਮੰਡੀ ਦੀ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ। ਇਹ ਨਾਜਾਇਜ਼ ਉਸਾਰੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਦੋ ਵਿਅਕਤੀਆਂ ਵੱਲੋਂ ਕੀਤੀ ਗਈ ਸੀ, ਜਿਸ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਢਾਹ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਜਲੰਧਰ (ਦਿਹਾਤੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਫਿਲੌਰ ਦੇ ਇਸ਼ਾਰੇ 'ਤੇ ਕੀਤੀ ਗਈ ਹੈ, ਜਿਨ੍ਹਾਂ ਨੂੰ ਇਨ੍ਹਾਂ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਪੁਲਿਸ ਦੀ ਮਦਦ ਦੀ ਲੋੜ ਸੀ।
ਇਹ ਕਾਰਵਾਈ ਸਿੱਧੇ ਤੌਰ 'ਤੇ ਜਸਵੀਰ ਸਿੰਘ ਉਰਫ਼ ਸ਼ੀਰਾ ਪੁੱਤਰ ਦਲਵੀਰ ਉਰਫ਼ ਬੂੜ ਵਾਸੀ ਖਾਨਪੁਰ ਅਤੇ ਭੋਲੀ ਪਤਨੀ ਰਾਮਪਾਲ ਉਰਫ਼ ਰਾਮਾ ਵਾਸੀ ਪਿੰਡ ਮੰਡੀ ਦੇ ਖ਼ਿਲਾਫ਼ ਕੀਤੀ ਗਈ ਹੈ। ਇਨ੍ਹਾਂ ਦੋਵਾਂ ਨੇ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਐਸ.ਐਸ.ਪੀ ਖੱਖ ਨੇ ਦੱਸਿਆ ਕਿ ਰਿਕਾਰਡ ਅਨੁਸਾਰ ਭੋਲੀ ਨਸ਼ਾ ਤਸਕਰ ਹੈ ਅਤੇ ਐਨਡੀਪੀਐਸ ਐਕਟ ਤਹਿਤ ਕਈ ਕੇਸਾਂ ਵਿੱਚ ਸ਼ਾਮਲ ਹੈ। ਸਾਲ 2005 ਵਿੱਚ ਇਸ ਵਿੱਚੋਂ 1.190 ਕਿਲੋ ਸਮੈਕ ਬਰਾਮਦ ਹੋਈ ਸੀ। ਇਸ ਤੋਂ ਇਲਾਵਾ ਸਾਲ 2015 ਵਿੱਚ 2 ਕਿਲੋ ਭੁੱਕੀ ਫੜੀ ਗਈ ਸੀ ਅਤੇ ਸਾਲ 2022 ਵਿੱਚ ਵੀ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜਸਵੀਰ ਸਿੰਘ ਉਰਫ਼ ਸ਼ੀਰਾ ਦਾ ਨਾਮ ਵੀ ਵੱਡੀ ਮਾਤਰਾ ਵਿੱਚ ਹੈਸ਼ੀਸ਼ ਅਤੇ ਨਸ਼ੀਲੇ ਟੀਕਿਆਂ ਦੀ ਬਰਾਮਦਗੀ ਵਰਗੇ ਕਈ ਮਾਮਲਿਆਂ ਵਿੱਚ ਸ਼ਾਮਲ ਹੈ।
ਐਸ.ਐਸ.ਪੀ ਖੱਖ ਨੇ ਦੱਸਿਆ ਕਿ ਪੁਲੀਸ ਨੇ ਮਾਲ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਇਸ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਹੈ, ਜਿਸ ’ਤੇ ਅਧਿਕਾਰੀਆਂ ਨੇ ਇਹ ਪਾਇਆ ਕਿ ਇਹ ਜ਼ਮੀਨ ਗ੍ਰਾਮ ਪੰਚਾਇਤ ਦੀ ਹੈ ਅਤੇ ਇਸ ’ਤੇ ਮੁਲਜ਼ਮਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰੱਖੀ ਜਾਵੇਗੀ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਜਨਤਕ ਜ਼ਮੀਨ 'ਤੇ ਨਾਜਾਇਜ਼ ਕਬਜ਼ਿਆਂ ਦਾ ਫਾਇਦਾ ਨਾ ਉਠਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐਸਐਸਪੀ ਖੱਖ ਨੇ ਦੱਸਿਆ ਕਿ ਇਹ ਦੋਵੇਂ ਨਸ਼ਾ ਤਸਕਰ ਪਿੰਡ ਵਾਸੀਆਂ ਨੂੰ ਡਰਾਉਣ ਧਮਕਾਉਂਦੇ ਸਨ, ਜਿਸ ਕਾਰਨ ਸਥਾਨਕ ਲੋਕ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕਰ ਰਹੇ ਹਨ। ਇਸ ਮੌਕੇ ਪਿੰਡ ਖਾਨਪੁਰ ਦੀ ਸਰਪੰਚ ਪਰਮਜੀਤ ਕੌਰ ਅਤੇ ਸਥਾਨਕ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਸਵਾਗਤ ਕਰਦੇ ਹਨ।



