ਚੰਡੀਗੜ੍ਹ (ਰਾਘਵ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪਿੰਡ ਅਸਮਾਨਪੁਰ, ਪਿਹੋਵਾ, ਹਰਿਆਣਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਉਕਤ ਪਿੰਡ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਾਤੜਾਂ ਦੇ ਵਸਨੀਕ ਵੱਲੋਂ ਉਸ ਵਿਰੁੱਧ ਦਰਜ ਕਰਵਾਈ ਗਈ ਝੂਠੀ ਸ਼ਿਕਾਇਤ ਕਾਰਨ ਉਸ ਨੂੰ ਵਾਰ-ਵਾਰ ਪਾਤੜਾਂ ਥਾਣੇ ਬੁਲਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਉਕਤ ਦੋਸ਼ੀ ਧਰਮਪਾਲ ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਅਧਿਕਾਰੀਆਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ। ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸ ਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਸ ਅਧਿਕਾਰੀਆਂ ਨੂੰ 2 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਸੀ ਪਰ ਬਾਅਦ ਵਿੱਚ 3 ਲੱਖ ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਧਰਮਪਾਲ ਨੂੰ 2 ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲੀਸ ਮੁਲਾਜ਼ਮਾਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



