ਅੰਮ੍ਰਿਤਸਰ (ਨੇਹਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਣਾਅ ਤੋਂ ਬਾਅਦ ਕਸ਼ਮੀਰ ਦੇ ਪੁੰਛ ਇਲਾਕੇ 'ਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖ਼ਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ 4 ਸਿੱਖਾਂ ਪ੍ਰਤੀ ਵੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਇਸ ਪੀੜਾਮਈ ਘਟਨਾ ਨੇ ਸਿੱਖ ਜਗਤ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ। ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।



