ਸੂਚਕ ਬੋਰਡ ’ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਿਖਿਆ ‘ਸੁਨਹਿਰੀ ਮੰਦਰ’

by mediateam

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਨੈਸ਼ਨਲ ਹਾਈਵੇ ਅਥਾਰਟੀ ਭਾਰਤ ਵੱਲੋਂ ਸ਼ਹਿਰ ਦੇ ਬਾਈਪਾਸ 'ਤੇ ਲਗਾਏ ਗਏ ਸੂਚਕ ਬੋਰਡ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਰਸਤਾ ਦਰਸਾਉਣ ਲਈ 'ਸੁਨਹਿਰੀ ਮੰਦਰ' ਲਿਖੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ ਅਤੇ ਇਸ ਨੂੰ ਸੋਨ ਮੰਦਰ ਵਜੋਂ ਪੇਸ਼ ਕਰਨਾ ਸਿੱਖ ਸਿਧਾਂਤਾਂ, ਰਵਾਇਤਾਂ, ਇਤਿਹਾਸ ਅਤੇ ਪਰੰਪਰਾਵਾਂ ਦੇ ਬਿਲਕੁਲ ਉਲਟ ਹੈ।

ਉਨ੍ਹਾਂ ਆਖਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਦੀ ਇਸ ਗ਼ਲਤੀ ਕਾਰਨ ਸਿੱਖ ਜਗਤ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਕੋਈ ਮੰਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਸਭ ਨੂੰ ਇਹ ਜਾਣਕਾਰੀ ਹੈ ਕਿ ਇਹ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਤਾਂ ਪੰਜਾਬ ਅਤੇ ਖ਼ਾਸਕਰ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜਿੱਥੇ ਇਹ ਪਾਵਨ ਅਸਥਾਨ ਸਥਿਤ ਹੈ, ਵਿਖੇ ਇਸ ਦੇ ਨਾਮ ਨੂੰ ਵਿਗਾੜ ਕੇ ਪੇਸ਼ ਕਰਨਾ ਕਿਸੀ ਸਾਜਿਸ਼ ਦਾ ਹਿੱਸਾ ਲਗਦਾ ਹੈ।

ਡਾ. ਰੂਪ ਸਿੰਘ ਨੇ ਆਖਿਆ ਕਿ ਸਬੰਧਤ ਵਿਭਾਗ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਦਰਸਾਉਂਦਾ ਇਹ ਬੋਰਡ ਸਥਾਨਕ ਮਜੀਠਾ ਰੋਡ ਬਾਈਪਾਸ ’ਤੇ ਵੀ ਲੱਗਾ ਹੋਇਆ ਹੈ।

More News

NRI Post
..
NRI Post
..
NRI Post
..