ਚੰਡੀਗੜ੍ਹ (ਰਾਘਵ): ਪੰਜਾਬ ਵਿਚ ਇਸ ਵੇਲੇ ਮਾਨਸੂਨ ਦੇ ਨਾਲ-ਨਾਲ ਪੱਛਮੀ ਪ੍ਰਭਾਅ ਵੀ ਸਰਗਰਮ ਹੈ। ਇਸ ਕਾਰਨ ਸੂਬੇ ਵਿਚ ਕਈ ਥਾਵਾਂ 'ਤੇ ਬਾਰਿਸ਼ ਦਾ ਦੌਰ ਜਾਰੀ ਹੈ। ਇਸੇ ਤਹਿਤ ਵਿਭਾਗ ਵੱਲੋਂ ਅੱਜ ਵੀ ਸੂਬੇ ਭਰ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ 14 ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਅਤੇ ਹਨੇਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਉਂਝ ਤਾਂ ਅੱਜ ਪੂਰੇ ਸੂਬੇ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ, ਪਰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿਚ ਮੀਂਹ ਦਾ ਅਸਰ ਸਭ ਤੋਂ ਵੱਧ ਵੇਖਣ ਨੂੰ ਮਿਲੇਗਾ। ਇਨ੍ਹਾਂ ਜ਼ਿਲ੍ਹਿਆਂ ਦੇ ਨਾਲ-ਨਾਲ ਵਿਭਾਗ ਨੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਵਿਚ ਅਸਮਾਨੀ ਬਿਜਲੀ ਤੇ ਹਨੇਰੀ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ। ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਦੀ ਸੰਭਾਵਨਾ ਹੈ, ਪਰ ਉੱਥੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।



