ਧਰਮਕੋਟ (ਨੇਹਾ): ਹਲਕੇ ਦੇ ਪਿੰਡ ਗਲੋਟੀ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ’ਚ ਮੌਤ ਹੋ ਗਈ। ਗੁਰਜੰਟ ਸਿੰਘ ਨਾਮ ਦਾ ਇਹ ਨੌਜਵਾਨ ਪੰਜ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉੱਥੋਂ ਦੇ ਕੈਲੋਫੋਰਨੀਆਂ ਸ਼ਹਿਰ ਵਿਚ ਸਟੋਰ ’ਤੇ ਕੰਮ ਕਰਦਾ ਸੀ। ਪੀੜਤ ਦੇ ਭਰਾ ਤੇ ਕਾਂਗਰਸੀ ਆਗੂ ਗੁਰਮੁਖ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮੀਂ 6 ਵਜੇ ਦੇ ਕਰੀਬ ਜਦੋਂ ਉਹ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ ਤਾਂ ਉਸ ਦੀ ਕਾਰ ਹਾਦਸਾਗ੍ਰਸਤ ਹੋ ਕੇ ਪਲਟ ਗਈ। ਹਾਦਸੇ ਵਿਚ ਉਸ ਦੀ ਮੌਤ ਹੋ ਗਈ।
ਉਕਤ ਪਰਿਵਾਰ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦਾ ਕਰੀਬੀ ਹੈ ਤੇ ਉਨ੍ਹਾਂ ਵੱਲੋਂ ਹੀ ਮ੍ਰਿਤਕ ਦੇਹ ਭਾਰਤ ਲਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਨੌਜਵਾਨ ਦੀ ਮੌਤ ਉੱਤੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਨ ਸਿੰਘ ਖੇਲਾ ਅਤੇ ਨਿੱਜੀ ਸਕੱਤਰ ਰਾਜਵਿੰਦਰ ਸਿੰਘ ਕੜਾਹੇਵਾਲਾ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।



