ਅੰਮ੍ਰਿਤਸਰ (ਰਾਘਵ): ਤੇਜ਼ ਰਫ਼ਤਾਰ ਡਿਜ਼ਾਇਰ ਕਾਰ ਬੇਕਾਬੂ ਹੋ ਕੇ ਘਰਿੰਡਾ ਅਤੇ ਲਾਹੌਰੀ ਮੱਲ ਪਿੰਡ ਦੇ ਵਿਚਕਾਰ ਇਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਨਿਹੰਗ ਸਿੰਘ, ਉਸ ਦੀ ਪਤਨੀ ਅਤੇ ਕਾਰ ਵਿਚ ਸਵਾਰ ਇਕ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਛੋਟੀ ਬੱਚੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਇਹ ਜਾਣਕਾਰੀ ਥਾਣਾ ਘਰਿੰਡਾ ਦੇ ਇੰਚਾਰਜ ਅਮਨਦੀਪ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਲਾਹੌਰੀ ਮੱਲ ਪਿੰਡ ਨੇੜੇ ਭਕਨਾ ਤੋਂ ਘਰਿੰਡਾ ਜਾ ਰਹੀ ਸਵਿਫਟ ਡਿਜ਼ਾਇਰ ਕਾਰ ਅਚਾਨਕ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਚਿੱਥੜੇ ਉੱਡ ਗਏ। ਇਸ ਦੌਰਾਨ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਵਿਚ ਸਵਾਰ 2 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਜਦਕਿ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।



