ਨਵਾਂਸ਼ਹਿਰ (ਰਾਘਵ): ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 4 ਗ੍ਰਾਮ ਹੈਰੋਇਨ ਸਣੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਸ਼ਪਾਲ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਭਾਲ ਵਿਚ ਪਿੰਡ ਕਰੀਹਾ ਸਾਈਡ ਨਹਿਰ ਦੇ ਨਾਲ-ਨਾਲ ਜਾ ਰਹੀ ਸੀ ਕਿ ਰੇਲਵੇ ਕ੍ਰਾਸਿੰਗ ਨੇੜੇ ਦੂਜੀ ਸਾਈਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ। ਉਹ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਜੇਬ ’ਚੋਂ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਘਾਹ ਫੂਸ ਵਿਚ ਸੁੱਟ ਦਿੱਤਾ।
ਏ. ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਪਰੋਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕਰਿਆਮ ਥਾਣਾ ਸਦਰ ਨਵਾਂਸ਼ਹਿਰ ਦੇ ਤੌਰ ’ਤੇ ਹੋਈ ਹੈ। ਏ. ਐੱਸ. ਆਈ.ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



