ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਦੇ ਕਲਾਕਾਰ ਅੱਗੇ ਆ ਰਹੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ, ਅਜਿਹੀ ਸਥਿਤੀ ਵਿੱਚ, ਕਲਾਕਾਰ ਖ਼ੁਦ ਮੈਦਾਨ ਵਿੱਚ ਆ ਕੇ ਪੀੜਤਾਂ ਨੂੰ ਰਾਹਤ ਪਹੁੰਚਾ ਰਹੇ ਹਨ। ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਇੱਕ ਵੱਡੀ ਪਹਿਲਕਦਮੀ ਕਰਦਿਆਂ ਲਗਭਗ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਸਾਰਿਆਂ ਨੂੰ ਇੱਕ ਇਨਸਾਨ ਵਜੋਂ ਪੀੜਤਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਲਾਕਾਰਾਂ ਦੀ ਮੌਜੂਦਗੀ ਅਤੇ ਉਨ੍ਹਾਂ ਦਾ ਸਹਿਯੋਗ ਪ੍ਰਭਾਵਿਤ ਪਰਿਵਾਰਾਂ ਨੂੰ ਭਾਵਨਾਤਮਕ ਸਹਾਇਤਾ ਦੇ ਨਾਲ-ਨਾਲ ਰਾਹਤ ਦੇਣ ਵਿੱਚ ਬਹੁਤ ਮਦਦ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਅੰਮ੍ਰਿਤਸਰ ਦੇ ਡੀਸੀ ਸਾਕਸ਼ੀ ਸਾਹਨੀ ਨਾਲ ਮਿਲ ਕੇ ਅਜਨਾਲਾ ਵਿੱਚ ਲਗਭਗ 500 ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਇਸੇ ਤਰ੍ਹਾਂ ਉਨ੍ਹਾਂ ਨੇ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਰਾਸ਼ਨ ਦਿੱਤਾ। ਇਹ ਸਤਿੰਦਰ ਸਰਤਾਰ ਦੀ ਟੀਮ ਵੱਲੋਂ ਲੋਕਾਂ ਦੀ ਮਦਦ ਲਈ ਇੱਕ ਵੱਡੀ ਪਹਿਲ ਹੈ।



