ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਕੱਲ, ਕੀਤੇ ਪੁਖਤਾ ਇੰਤਜ਼ਾਮ

by mediateam

ਲੁਧਿਆਣਾ : ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ 23 ਮਈ ਨੂੰ 21 ਸਥਾਨਾਂ 'ਤੇ ਕੀਤੀ ਜਾ ਰਹੀ ਹੈ, ਜਿਸ ਲਈ ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਪੂਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।' ਇਹ ਵੇਰਵਾ ਪੰਜਾਬ ਦੇ ਮੁੱਖ ਚੋਣ ਅਫਸਰ ਐੱਸ ਕਰੁਣਾ ਰਾਜੂ ਨੇ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੈਰਰਸਮੀਂ ਗੱਲਬਾਤ ਕਰਦਿਆਂ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੇ 13 ਲੋਕ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਕੁੱਲ 21 ਥਾਵਾਂ 'ਤੇ ਕੀਤੀ ਜਾਵੇਗੀ। 

ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ ਪਰਤੀ (ਥ੍ਰੀ ਟਾਇਰ ਸਕਿਊਰਟੀ) ਸੁਰੱਖਿਆ ਦਾ ਪ੍ਰਬੰਧ ਕੀਤੇ ਗਏ ਹਨ। ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਆਮ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ। ਉਥੇ ਸਿਰਫ ਗਿਣਤੀ ਕਰਨ ਵਾਲਾ ਸਟਾਫ, ਸੁਰੱਖਿਆ ਕਰਮੀ, ਚੋਣ ਅਫਸਰ, ਆਬਜ਼ਰਵਰ, ਮੀਡੀਆ ਕਰਮੀ, ਉਮੀਦਵਾਰ, ਪੋਲਿੰਗ ਏਜੰਟ ਹੀ ਜਾ ਸਕਦੇ ਹਨ, ਜਿਨ੍ਹਾਂ ਲਈ ਵੀ ਆਪਣਾ ਐਂਟਰੀ ਪਾਸ ਦਿਖਾਉਣਾ ਬਹੁਤ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਹਰੇਕ ਵਿਧਾਨ ਸਭਾ ਹਲਕਿਆਂ ਦੇ ਪੰਜ ਬਿਜਲਈ ਵੀਵੀਪੀਏਟੀ ਮਸ਼ੀਨਾਂ ਦੀਆਂ ਪਰਚੀਆਂ ਦੀ ਗਿਣਤੀ ਮੈਨੂੰਅਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਨਾਗਰਿਕਾਂ ਅਤੇ ਵਾਹਨਾਂ ਦੀ ਆਵਾਜਾਈ ਵਰਜ਼ਿਤ ਰਹੇਗੀ। 

ਇਸ ਤੋਂ ਇਲਾਵਾ ਸੂਬੇ ਭਰ ਵਿੱਚ ਧਾਰਾ 144 ਤਹਿਤ ਮਨਾਹੀ ਹੁਕਮ ਵੀ ਲਾਗੂ ਹਨ। ਸੂਬੇ ਭਰ ਵਿੱਚ ਗਿਣਤੀ ਲਈ ਕੁੱਲ 3.5 ਲੱਖ ਗਿਣਤੀ ਸਟਾਫ ਲਗਾਇਆ ਗਿਆ ਹੈ, ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ 'ਤੇ ਵੀ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਸਟਾਫ ਲਗਾਇਆ ਗਿਆ ਹੈ।ਇਸ ਮੌਕੇ ਹਾਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਰਿਟਰਨਿੰਗ ਅਫਸਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕ ਸਭਾ ਹਲਕਾ ਲੁਧਿਆਣਾ-7 ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਜਦਕਿ ਜ਼ਿਲ੍ਹਾ ਲੁਧਿਆਣਾ ਦੇ ਜੋ 5 ਵਿਧਾਨ ਸਭਾ ਹਲਕੇ (ਖੰਨਾ, ਪਾਇਲ, ਰਾਏਕੋਟ, ਸਮਰਾਲਾ ਅਤੇ ਸਾਹਨੇਵਾਲ) ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪੈਂਦੇ ਹਨ, ਦੀ ਗਿਣਤੀ ਸਥਾਨਕ ਗੁਰੂ ਨਾਨਕ ਇੰਜੀਨੀਅਰਿੰਗ ਐਂਡ ਪੋਲੀਟੈਕਨਿਕ ਕਾਲਜ (ਜੀਐੱਨਈ) ਵਿਖੇ ਹੋਵੇਗੀ। 

ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਲੁਧਿਆਣਾ ਲਈ 22 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 10 ਲੱਖ 44 ਹਜ਼ਾਰ, 823 ਵੋਟਰਾਂ ਨੇ ਕਰਨਾ ਹੈ। ਸਾਰੇ ਨਤੀਜੇ ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਣ ਦੀ ਸੰਭਾਵਨਾ ਹੈ। ਸਾਰੇ 9 ਹਲਕਿਆਂ ਲਈ 17-17 ਗਿਣਤੀ ਟੀਮਾਂ ਲਗਾਈਆਂ ਗਈਆਂ ਹਨ, ਜਦਕਿ ਲੋੜੀਂਦੀ ਮਾਤਰਾ ਵਿੱਚ ਵਾਧੂ ਰਿਜ਼ਰਵ ਟੀਮਾਂ ਦਿੱਤੀਆਂ ਗਈਆਂ ਹਨ। ਇੱਕ ਟੀਮ ਵਿੱਚ ਇੱਕ ਮਾਈਕਰੋ ਆਬਜ਼ਰਵਰ, ਇੱਕ ਕਾਊਂਟਿੰਗ ਸੁਪਰਵਾਈਜ਼ਰ, ਇੱਕ ਸਹਾਇਕ ਕਾਊਂਟਿੰਗ ਸੁਪਰਵਾਈਜ਼ਰ ਲਗਾਏ ਗਏ ਹਨ। ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਵਿਸ਼ੇਸ਼ ਟੀਮਾਂ ਲਗਾਈਆਂ ਗਈਆਂ ਹਨ। 

ਅਗਰਵਾਲ ਨੇ ਦੱਸਿਆ ਕਿ ਮੀਡੀਆ ਕਰਮੀਆਂ ਦੀ ਸਹੂਲਤ ਲਈ ਯੂਨੀਵਰਸਿਟੀ ਸਥਿਤ ਸੁਖਦੇਵ ਭਵਨ ਵਿਖੇ ਅਤੇ ਜੀਐੱਨਈ ਕਾਲਜ ਸਥਿਤ ਡਿਪਲੋਮਾ ਵਰਕਸ਼ਾਪ ਵਿਖੇ ਮੀਡੀਆ ਸੈਂਟਰ ਸਥਾਪਤ ਕੀਤੇ ਗਏ ਹਨ। ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਆਮ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ। ਉਥੇ ਸਿਰਫ ਗਿਣਤੀ ਕਰਨ ਵਾਲਾ ਸਟਾਫ, ਸੁਰੱਖਿਆ ਕਰਮੀ, ਚੋਣ ਅਫਸਰ, ਆਬਜ਼ਰਵਰ, ਮੀਡੀਆ ਕਰਮੀ, ਉਮੀਦਵਾਰ, ਪੋਲਿੰਗ ਏਜੰਟ ਹੀ ਜਾ ਸਕਦੇ ਹਨ, ਜਿਨ੍ਹਾਂ ਲਈ ਵੀ ਆਪਣਾ ਐਂਟਰੀ ਪਾਸ ਦਿਖਾਉਣਾ ਬਹੁਤ ਜ਼ਰੂਰੀ ਹੋਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਐੱਸਐੱਸਪੀ ਲੁਧਿਆਣਾ ਦਿਹਾਤੀ ਵਰਿੰਦਰ ਸਿੰਘ ਬਰਾੜ, ਇਕਬਾਲ ਸਿੰਘ ਸੰਧੂ ਅਤੇ ਨੀਰੂ ਕਤਿਆਲ ਗੁਪਤਾ, ਸਹਾਇਕ ਰਿਟਰਨਿੰਗ ਅਧਿਕਾਰੀ ਸਾਹਿਬਾਨ ਹਾਜ਼ਰ ਸਨ।

More News

NRI Post
..
NRI Post
..
NRI Post
..