ਚੰਡੀਗੜ੍ਹ (ਪਾਇਲ): ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਹਾਇਤਾ ਸਕੀਮ ਤਹਿਤ ਵਿੱਤੀ ਸਾਲ 2025-26 ਲਈ 1170 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ 593.14 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ: ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਦੇਣਾ ਨਹੀਂ ਬਲਕਿ ਔਰਤਾਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਬਣਾਉਣਾ ਹੈ।
ਡਾ: ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਿਰਫ਼ ਫੰਡ ਵੰਡਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਔਰਤਾਂ ਨੂੰ ਇੱਕ ਨਵੀਂ ਉਮੀਦ ਦੇਣਾ ਹੈ, ਜੋ ਜ਼ਿੰਦਗੀ ਦੀਆਂ ਮੁਸ਼ਕਿਲਾਂ ਵਿੱਚ ਵੀ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਸਕੀਮ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਦਾ ਸਹਾਰਾ ਬਣ ਜਾਂਦਾ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਸੁਧਾਰ ਸਕਦਾ ਹੈ।
ਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪਰਿਵਾਰ ਅਤੇ ਸਮਾਜ ਵਿਚ ਵਧੇਰੇ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ। ਡਾ: ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਅੜਚਨ ਦੇ ਲਾਭਪਾਤਰੀਆਂ ਦੇ ਖਾਤਿਆਂ ਤੱਕ ਪਹੁੰਚ ਰਹੀ ਹੈ, ਜਿਸ ਕਾਰਨ ਪਾਰਦਰਸ਼ਤਾ ਅਤੇ ਵਿਸ਼ਵਾਸ ਦੋਵੇਂ ਵਧੇ ਹਨ। ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਮਾਜਿਕ ਤੌਰ 'ਤੇ ਸੁਰੱਖਿਅਤ, ਮਜ਼ਬੂਤ ਅਤੇ ਸਮਾਵੇਸ਼ੀ ਸੂਬੇ ਵੱਲ ਵਧ ਰਿਹਾ ਹੈ।



