ਚੰਡੀਗੜ੍ਹ (ਪਾਇਲ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਡਿਪੂ-1, ਜਲੰਧਰ ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪੰਜਾਬ ਰੋਡਵੇਜ਼ ਦੇ ਸੇਵਾਮੁਕਤ ਡਰਾਈਵਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਸੁਪਰਡੈਂਟ ਨੇ ਉਸ ਦੀ ਸੇਵਾਮੁਕਤੀ ਤੋਂ ਪਹਿਲਾਂ ਬਕਾਇਆ ਓਵਰ ਟਾਈਮ ਦਾ ਬਿੱਲ ਤਿਆਰ ਕਰਨ ਦੇ ਬਦਲੇ 50,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਅਪੀਲ 'ਤੇ ਸੁਪਰਡੈਂਟ ਇਸ ਕੰਮ ਲਈ 40 ਹਜ਼ਾਰ ਰੁਪਏ ਲੈਣ ਲਈ ਤਿਆਰ ਹੋ ਗਿਆ, ਪਰ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਲੇਬਰ ਕੋਰਟ ਵਿੱਚ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਮੁਲਜ਼ਮ ਪਹਿਲਾਂ ਹੀ ਉਸ ਤੋਂ 1,54,000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੁਸ਼ਟੀ ਹੋਣ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।



