ਮੁੰਬਈ (ਪਾਇਲ): ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਵਾਲੀ ਇੱਕ ਮਹਿਲਾ ਡਾਕਟਰ ਦੇ ਪਰਿਵਾਰਕ ਮੈਂਬਰਾਂ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਨਿਆਂ ਦੀ ਲੜਾਈ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ।
ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਉਸ ਲਈ ਨਿਆਂ ਦੀ ਮੰਗ ਕਰਦਿਆਂ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਮੌਤ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰਨ ਲਈ ਸਰਕਾਰ ’ਤੇ ਦਬਾਅ ਪਾਉਣ।
ਉਨ੍ਹਾਂ ਕਿਹਾ ਕਿ ਡਾਕਟਰ ਦੀ ਮੌਤ ਨੂੰ ਇੱਕ ਹਫ਼ਤਾ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਡਰ ਹੈ ਕਿ ਸਬੂਤ ਮਿਟਾਏ ਜਾ ਸਕਦੇ ਹਨ। ਗਾਂਧੀ ਨੇ ਮ੍ਰਿਤਕ ਦੇ ਮਾਪਿਆਂ ਅਤੇ ਭੈਣ-ਭਰਾਵਾਂ ਨਾਲ ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਹਰਸ਼ਵਰਧਨ ਸਪਕਾਲ ਦੇ ਫੋਨ ਰਾਹੀਂ ਗੱਲ ਕੀਤੀ।
ਕਾਂਗਰਸ ਦੇ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਕੇਸ ਦੀ ਜਾਂਚ ਲਈ SIT ਗਠਿਤ ਕਰਨ ਲਈ ਸਰਕਾਰ ’ਤੇ ਦਬਾਅ ਪਾਉਣਗੇ। ਜ਼ਿਕਰਯੋਗ ਹੈ ਕਿ 28 ਸਾਲਾ ਡਾਕਟਰ 23 ਅਕਤੂਬਰ ਦੀ ਰਾਤ ਨੂੰ ਸਤਾਰਾ ਜ਼ਿਲ੍ਹੇ ਦੇ ਫਲਟਨ ਕਸਬੇ ਦੇ ਇੱਕ ਹੋਟਲ ਦੇ ਕਮਰੇ ਵਿੱਚ ਫਾਹੇ ਨਾਲ ਲਟਕੀ ਮਿਲੀ ਸੀ।
ਉਸ ਨੇ ਆਪਣੇ ਹੱਥ ’ਤੇ ਲਿਖੇ ਇੱਕ ਨੋਟ ਵਿੱਚ ਦੋਸ਼ ਲਾਇਆ ਸੀ ਕਿ ਪੁਲੀਸ ਸਬ-ਇੰਸਪੈਕਟਰ ਗੋਪਾਲ ਬਾਡਨੇ ਨੇ ਕਈ ਵਾਰ ਉਸ ਨਾਲ ਜਬਰ ਜਨਾਹ ਕੀਤਾ, ਜਦੋਂ ਕਿ ਪ੍ਰਸ਼ਾਂਤ ਬਾਂਕਰ, ਇੱਕ ਸਾਫਟਵੇਅਰ ਇੰਜੀਨੀਅਰ ਨੇ ਉਸ ਨੂੰ ਮਾਨਸਿਕ ਤੌਰ ’ਤੇ ਤੰਗ ਕੀਤਾ। ਦੋਵਾਂ ਨੂੰ 25 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।



