ਅੰਮ੍ਰਿਤਸਰ (ਨੇਹਾ): ਪੰਜਾਬ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ਿਆਂ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਛੇ ਪਿਸਤੌਲਾਂ ਅਤੇ 1 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਹੈ।
ਪੁਲੀਸ ਅਨੁਸਾਰ, ਅੰਮ੍ਰਿਤਸਰ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਖੁਫ਼ੀਆ ਜਾਣਕਾਰੀ ’ਤੇ ਕਾਰਵਾਈ ਕੀਤੀ। ਉਨ੍ਹਾਂ ਨੇ ਛੇ ਆਧੁਨਿਕ ਪਿਸਤੌਲ (ਪੰਜ .30 ਬੋਰ ਅਤੇ ਇੱਕ ਗਲਾਕ 9mm) ਦੇ ਨਾਲ 1 ਕਿਲੋਗ੍ਰਾਮ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਫੜੇ ਗਏ ਮੁਲਜ਼ਮ ਸੋਸ਼ਲ ਮੀਡੀਆ ਅਤੇ ਡਰੋਨਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਅਤੇ ਡਿਲੀਵਰੀ ਵਿੱਚ ਤਾਲਮੇਲ ਕਰ ਰਹੇ ਸਨ।
ਡੀਜੀਪੀ ਪੰਜਾਬ ਪੁਲੀਸ ਨੇ ਐਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕਰਦਿਆਂ ਲਿਖਿਆ,“ ਖੂਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਛੇ ਆਧੁਨਿਕ ਪਿਸਤੌਲ (ਪੰਜ .30 ਬੋਰ ਅਤੇ ਇੱਕ ਗਲਾਕ 9mm) ਦੇ ਨਾਲ 1 ਕਿਲੋਗ੍ਰਾਮ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।”
ਚੇਹਰਟਾ ਅਤੇ ਕੈਂਟੋਨਮੈਂਟ ਥਾਣਿਆਂ ਵਿੱਚ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲੀਸ ਨੇ ਦੱਸਿਆ ਕਿ ਹੋਰ ਹੈਂਡਲਰਾਂ ਦੀ ਪਛਾਣ ਕਰਨ ਅਤੇ ਸਮੁੱਚੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਜਾਂਚ ਜਾਰੀ ਹੈ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਹ ਸਰਹੱਦ ਪਾਰ ਦੀ ਤਸਕਰੀ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ।
ਪੋਸਟ ਵਿੱਚ ਕਿਹਾ ਗਿਆ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਫੜੇ ਗਏ ਮੁਲਜ਼ਮ ਸੋਸ਼ਲ ਮੀਡੀਆ ਅਤੇ ਡਰੋਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਹਨ ਅਤੇ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਅਤੇ ਡਿਲੀਵਰੀ ਦਾ ਤਾਲਮੇਲ ਕਰਦੇ ਹਨ।



