ਚੰਡੀਗੜ੍ਹ (ਪਾਇਲ): ਤੁਹਾਨੂੰ ਦੱਸ ਦਇਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ 'ਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜਿਆ ਵੱਡਾ ਖੁਲਾਸਾ ਹੋਇਆ ਹੈ। ਜਿਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਣਵਾਈ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਪਹਿਲਾਂ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਹੈ। ਜਾਂਚ ਏਜੰਸੀ ਦੇ ਅਨੁਸਾਰ, ਮਜੀਠੀਆ ਨੇ ਕਥਿਤ ਤੌਰ 'ਤੇ ਲਗਭਗ 700 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ, ਜੋ ਕਿ 2013 ਦੀ ਡਰੱਗ ਨੈਟਵਰਕ ਦੀ ਕਮਾਈ ਨੂੰ ਜਾਇਜ਼ ਠਹਿਰਾ ਕੇ ਬਣਾਈ ਗਈ ਸੀ।
ਇੱਥੇ ਦੱਸਣਯੋਗ ਹੈ ਕਿ ਵਿਸ਼ੇਸ਼ ਅਦਾਲਤ ਨੇ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਹਨ। ਇਹ ਕਾਰਵਾਈ ਵਿਜੀਲੈਂਸ ਬਿਊਰੋ ਵੱਲੋਂ ਦਿੱਤੀ ਗਈ ਰਿਪੋਰਟ ਅਤੇ ਅਦਾਲਤ ਵਿੱਚ ਦਾਇਰ ਅਰਜ਼ੀ ਦੇ ਆਧਾਰ ’ਤੇ ਕੀਤੀ ਗਈ ਹੈ। ਵਿਜੀਲੈਂਸ ਅਨੁਸਾਰ ਜਾਂਚ ਦੌਰਾਨ ਗਰੇਵਾਲ ਦੀ ਭੂਮਿਕਾ ਸ਼ੱਕੀ ਪਾਈ ਗਈ ਅਤੇ ਬਾਅਦ ਵਿੱਚ ਉਸ ਦਾ ਨਾਂ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ।



