ਭੋਜਪੁਰ (ਪਾਇਲ): ਬਿਹਾਰ ਦੇ ਭੋਜਪੁਰ ਜ਼ਿਲ੍ਹੇ 'ਚ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਬਦਮਾਸ਼ਾਂ ਨੇ ਇਕ ਕਾਂਸਟੇਬਲ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਜ਼ਿਲ੍ਹੇ ਦੇ ਚਾਂਦੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਗਵਤਪੁਰ ਦੀ ਹੈ। ਮ੍ਰਿਤਕ ਦੀ ਪਛਾਣ ਪਿੰਡ ਭਗਵਤਪੁਰ ਵਾਸੀ ਪਸ਼ੂਪਤੀ ਨਾਥ ਤਿਵਾੜੀ (60 ਸਾਲ) ਵਜੋਂ ਹੋਈ ਹੈ। ਉਹ ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਡਰਾਈਵਰ ਹੌਲਦਾਰ ਵਜੋਂ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਪਸ਼ੂਪਤੀ ਨਾਥ ਛੁੱਟੀ ਲੈ ਕੇ ਸੋਮਵਾਰ ਨੂੰ ਹੀ ਆਪਣੇ ਜੱਦੀ ਪਿੰਡ ਆਏ ਸਨ।
ਦੱਸ ਦਇਏ ਕਿ ਸ਼ੁੱਕਰਵਾਰ ਰਾਤ ਨੂੰ ਉਹ ਆਪਣੇ ਕਮਰੇ 'ਚ ਸੌਂ ਰਿਹਾ ਸੀ ਤਾਂ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਸ਼ਨੀਵਾਰ ਸਵੇਰੇ ਜਦੋਂ ਪਰਿਵਾਰਕ ਮੈਂਬਰ ਉਸ ਨੂੰ ਜਗਾਉਣ ਕਮਰੇ 'ਚ ਪਹੁੰਚੇ ਤਾਂ ਖੂਨ ਨਾਲ ਲੱਥਪੱਥ ਲਾਸ਼ ਦੇਖ ਕੇ ਹੈਰਾਨ ਰਹਿ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਇਧਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿੱਥੇ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।

