ਚਮਕੌਰ ਸਾਹਿਬ (ਨੇਹਾ): ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਮੁਗ਼ਲ ਫ਼ੌਜਾਂ ਨਾਲ ਹੋਏ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ ਅੱਜ ਇੱਥੇ ਸ਼ਰਧਾਪੂਰਵਕ ਸ਼ੁਰੂ ਹੋ ਗਿਆ। ਜੋੜ ਮੇਲ ਦੇ ਪਹਿਲੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਰਾਗੀ ਅਤੇ ਢਾਡੀ ਜਥਿਆਂ ਨੇ ਕਥਾ-ਕੀਰਤਨ ਅਤੇ ਗੁਰਬਾਣੀ ਵਿਆਖਿਆ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਹ ਧਾਰਮਿਕ ਦੀਵਾਨ 22 ਦਸੰਬਰ ਦੇਰ ਰਾਤ ਤੱਕ ਨਿਰੰਤਰ ਸਜਣਗੇ। ਸਮਾਗਮ ਦੇ ਪਹਿਲੇ ਦਿਨ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਵੀ ਪਹੁੰਚੇ ਜਿਨ੍ਹਾਂ ਦਾ ਗੁਰਦੁਆਰੇ ਦੇ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡਾਂ ਦੀ ਸੰਗਤ ਵੱਲੋਂ ਸ਼ਹਿਰ ਵਿੱਚ ਬਹੁਤ ਸਾਰੀਆਂ ਥਾਵਾਂ ’ਤੇ ਲੰਗਰ ਵਰਤਾਏ ਜਾ ਰਹੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਗੁਰਲੀਨ ਸਿੰਘ ਖੁਰਾਣਾ, ਐੱਸ ਪੀ (ਐੱਚ) ਅਰਵਿੰਦ ਮੀਨਾ (ਆਈ ਪੀ ਐੱਸ), ਸਥਾਨਕ ਡੀ ਐੱਸ ਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਸਮੁੱਚੇ ਸਮਾਗਮ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।



