ਨਵੀਂ ਦਿੱਲੀ (ਨੇਹਾ): ਦਿੱਲੀ ਹਾਈ ਕੋਰਟ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀ 2017 'ਚ ਉਨਾਓ ਜਬਰ ਜਨਾਹ ਪੀੜਤਾ ਦੇ ਪਿਤਾ ਦੀ ਪੁਲਸ ਹਿਰਾਸਤ 'ਚ ਮੌਤ ਦੇ ਮਾਮਲੇ 'ਚ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਨੂੰ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸੋਮਵਾਰ (19 ਜਨਵਰੀ) ਨੂੰ ਸਜ਼ਾ ਮੁਅੱਤਲ ਕਰਨ ਤੋਂ ਇਨਕਾਰ ਕਰ ਦਿੱਤਾ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਰੇਪ ਮਾਮਲੇ 'ਚ ਸਜ਼ਾ ਮੁਅੱਤਲ ਕਰਨ ਦੇ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਸੀ। ਸੇਂਗਰ ਨੇ ਪਿਤਾ ਦੀ ਹਿਰਾਸਤੀ ਮੌਤ ਦੇ ਮਾਮਲੇ 'ਚ 10 ਸਾਲ ਦੀ ਸਜ਼ਾ ਦੇਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਨਾਲ ਹੀ ਕੇਸ ਲੰਬਿਤ ਹੋਣ ਦੌਰਾਨ ਸਜ਼ਾ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਗਈ। ਅਦਾਲਤ ਨੇ ਕਿਹਾ ਕਿ ਸੇਂਗਰ ਦੀ ਅਪੀਲ ਪਟੀਸ਼ਨ 'ਤੇ ਫੈਸਲੇ 'ਚ ਦੇਰੀ ਉਸ ਵੱਲੋਂ ਦਾਇਰ ਕਈ ਅਰਜ਼ੀਆਂ ਕਾਰਨ ਹੋਈ ਹੈ।
ਜ਼ਿਕਰਯੋਗ ਹੈ ਕਿ ਅਗਸਤ 2019 'ਚ ਸੁਪਰੀਮ ਕੋਰਟ ਨੇ ਪੀੜਤਾ ਦੇ ਪਿਤਾ ਦੀ ਮੌਤ ਨਾਲ ਸਬੰਧਤ ਕੇਸ ਸਮੇਤ ਇਸ ਮਾਮਲੇ 'ਚ ਪੰਜ ਮਾਮਲਿਆਂ ਦੀ ਸੁਣਵਾਈ ਉੱਤਰ ਪ੍ਰਦੇਸ਼ ਤੋਂ ਦਿੱਲੀ ਤਬਦੀਲ ਕਰ ਦਿੱਤੀ ਸੀ। ਦਸੰਬਰ 2019 ਵਿੱਚ ਸੇਂਗਰ ਨੂੰ ਬਲਾਤਕਾਰ ਦਾ ਦੋਸ਼ੀ ਪਾਇਆ ਗਿਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਉਸ ਨੂੰ ਪੀੜਤਾ ਦੇ ਪਿਤਾ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਵੀ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਜੂਨ 2024 ਵਿਚ ਹਾਈ ਕੋਰਟ ਨੇ ਇਸ ਕੇਸ ਵਿਚ ਉਸ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਉਸ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ।



