ਫਰੀਦਕੋਟ : ਪੁਲਿਸ ਹਿਰਾਸਤ 'ਚ ਜਸਪਾਲ ਦੀ ਮੌਤ ਖ਼ਿਲਾਫ਼ ਇੱਥੇ ਬੁੱਧਵਾਰ ਨੂੰ ਹਜ਼ਾਰਾਂ ਦੀ ਗਿਣਤੀ 'ਚ ਲੋਕ ਸੜਕ 'ਤੇ ਨਿੱਤਰ ਆਏ। ਲੋਕਾਂ ਨੇ ਸ਼ਹਿਰ 'ਚ ਪ੍ਰਦਰਸ਼ਨ ਕੀਤਾ ਤੇ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿਕੀ ਢਿੱਲੋਂ ਦੀ ਰਿਹਾਇਸ਼ ਸਾਹਮਣੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਤੇ ਘਟਨਾ 'ਚ ਅਸਲੀ ਗੁਨਾਹਗਾਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਦੱਸ ਦੇਈਏ ਕਿ 17 ਦਿਨ ਪਹਿਲਾਂ ਸੀਆਈਏ ਸਟਾਫ ਦੀ ਹਿਰਾਸਤ 'ਚ ਜਸਪਾਲ ਸਿੰਘ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਸੀ।
ਦੋਸ਼ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ। ਇਸ ਮਾਮਲੇ 'ਚ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਸੂਬੇ ਭਰ ਤੋਂ ਪਹੁੰਚੇ ਵੱਖ-ਵੱਖੇ ਜਥੇਬੰਦੀਆਂ ਦੇ ਹਜ਼ਾਰਾਂ ਲੋਕਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ। ਲੋਕਾਂ ਨੇ ਇਸ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਦੀ ਰਿਹਾਇਸ਼ ਸਾਹਮਣੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਬੈਰੀਕੇਡ ਲਗਾ ਕੇ ਰੋਕ ਦਿੱਤਾ। ਦੱਸ ਦੇਈਏ ਕਿ ਫ਼ਰੀਦਕੋਟ 'ਚ ਸਾਲ 2012 ਦੇ ਵਿਦਿਆਰਥੀ ਅਗਵਾ ਕਾਂਡ ਤੋਂ ਬਾਅਦ ਪਹਿਲੀ ਵਾਰ ਇੰਨੀ ਵੱਡੀ ਗਿਣਤੀ 'ਚ ਲੋਕਾਂ ਨੇ ਪ੍ਰਦਰਸ਼ਨ 'ਚ ਕੀਤਾ ਹੈ।



