ਪੁਰੀ ਦਾ ਕੈਪਟਨ ਨੂੰ ਭਰੋਸਾ ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ

by

ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਉਲੀਕੀ ਰੂਪ-ਰੇਖਾ ਅਨੁਸਾਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਸੁਲਤਾਨਪੁਰ ਲੋਧੀ ਨਗਰ ਲਈ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਕੀਤੇ 321 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਛੇਤੀ ਪ੍ਰਵਾਨਗੀ ਦੇਣ ਲਈ ਜ਼ੋਰ ਪਾਇਆ ਹੈ। ਇਹ ਨਗਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਹੋਣ ਕਰਕੇ ਇਤਿਹਾਸਕ ਤੌਰ 'ਤੇ ਬਹੁਤ ਮਹੱਤਤਾ ਰੱਖਦਾ ਹੈ ਜਿੱਥੇ ਇਸ ਸਾਲ ਗੁਰੂ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। 

ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ ਤਜਵੀਜ਼ਾਂ ਨੂੰ ਜਾਚਣ ਅਤੇ ਕੰਮ ਛੇਤੀ ਸ਼ੁਰੂ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਪਹਿਲ ਦੇ ਆਧਾਰ 'ਤੇ ਦੇਣ ਲਈ ਆਪਣੇ ਵਿਭਾਗ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਮੁੱਖ ਮੰਤਰੀ ਵੱਲੋਂ ਹਿੱਸੇਦਾਰੀ ਦੇ ਆਧਾਰ 'ਤੇ ਭਾਰਤ ਸਰਕਾਰ ਦੀ ਸਹਾਇਤਾ ਵਾਲੇ ਸਮਾਰਟ ਸਿਟੀ ਪ੍ਰੋਜੈਕਟ ਵਿੱਚ ਪਟਿਆਲਾ, ਬਠਿੰਡਾ ਅਤੇ ਐਸ.ਏ.ਐਸ. ਨਗਰ ਦੀਆਂ ਤਿੰਨ ਨਗਰ ਨਿਗਮਾਂ ਨੂੰ ਵੀ ਸ਼ਾਮਲ ਕਰਨ ਦੀ ਅਪੀਲ ਕੀਤੀ, ਜਿਸ 'ਤੇ ਪੁਰੀ ਨੇ ਭਰੋਸਾ ਦਿੱਤਾ ਕਿ ਜਦੋਂ ਵੀ ਇਸ ਪ੍ਰੋਜੈਕਟ 'ਚ ਨਵੇਂ ਸ਼ਹਿਰਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਤਾਂ ਇਸ 'ਤੇ ਗੌਰ ਜ਼ਰੂਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਹਵਾਈ ਅੱਡੇ ਦਾ ਨਾਂ 'ਜਲੰਧਰ ਹਵਾਈ ਅੱਡਾ' ਰੱਖਣ ਦੀ ਤਜਵੀਜ਼ 'ਤੇ ਗੌਰ ਕਰਨ ਲਈ ਕਿਹਾ, 'ਜਿਸ ਨਾਲ ਮੁਸਾਫ਼ਰਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਉਡਾਨਾਂ ਦੀ ਬੁਕਿੰਗ ਲਈ ਸਹੂਲਤ ਹਾਸਲ ਹੋਵੇਗੀ।' ਮੀਟਿੰਗ ਦੌਰਾਨ ਪੁਰੀ ਨੇ ਕੇਂਦਰੀ ਸਕੀਮਾਂ ਖਾਸ ਕਰਕੇ ਸਵੱਛਤਾ ਅਭਿਆਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ ਅਮਲ 'ਚ ਲਿਆਉਣ ਦਾ ਮਾਮਲਾ ਉਠਾਇਆ, ਜਿਸ ਸਬੰਧੀ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨਾਲ ਸੰਸਦ ਮੈਂਬਰ ਪਰਨੀਤ ਕੌਰ ਅਤੇ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਉਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਰੈਜ਼ੀਡੈਂਟ ਕਮਿਸ਼ਨਰ ਰਾਖੀ ਭੰਡਾਰੀ ਹਾਜ਼ਰ ਸਨ।

More News

NRI Post
..
NRI Post
..
NRI Post
..