ਚੰਡੀਗੜ : ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਕਾਂਗਰਸ ਨੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ 'ਚ ਸਾਬਕਾ ਰੇਲ ਮੰਤਰੀ ਬਾਂਸਲ ਤੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਸਮਰਥਕਾਂ ਸਮੇਤ ਸ਼ਾਮਲ ਹੋਏ। ਪ੍ਰਦਰਸ਼ਨ ਕਰਦਿਆਂ ਸਾਰੇ ਆਗੂ ਤੇ ਵਰਕਰ ਭਾਜਪਾ ਦਫ਼ਤਰ ਵੱਲ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਝੜਪ ਹੋਈ। ਪੁਲਿਸ ਨੇ ਪ੍ਰਦਰਸ਼ਕਾਰੀਆਂ ਨੂੰ ਰੋਕਣ ਲਈ ਵਾਟਰ ਕੈਨਨ ਨਾਲ ਪਾਣੀ ਦੀਆਂ ਬੁਛਾਰਾਂ ਵੀ ਛੱਡੀਆਂ।
ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਧਰਨੇ 'ਤੇ ਬੈਠ ਗਏ। ਚੰਡੀਗੜ੍ਹ ਪੁਲਿਸ ਨੇ ਧਰਨੇ 'ਤੇ ਬੈਠੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ, ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਤੇ ਯੁਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਮੇਲ ਕੇਸਰੀ ਸਮੇਤ ਕਈ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਪ੍ਰਦਰਸ਼ਨਕਾਰੀ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਤੇ ਪੁਲਿਸ ਉਨ੍ਹਾਂ ਨੂੰ ਰੋਕ ਰਹੀ ਸੀ। ਸਾਬਕਾ ਮੰਤਰੀ ਪਵਨ ਬਾਂਸਲ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨਾਲ ਬੁਰਾ ਵਰਤਾਅ ਕੀਤਾ ਹੈ ਤੇ ਧੱਕੇ ਮਾਰੇ ਹਨ। ਚੰਡੀਗੜ੍ਹ ਕਾਂਗਰਸ ਪ੍ਰਧਾਨ ਨੇ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਨਾਲ ਹੱਥੋਪਾਈ ਹੋਈ ਹੈ।
ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਸ਼ੁਰੂ ਕੀਤੀ ਤੇ ਪੁਲਿਸ 'ਤੇ ਕੁੱਟਮਾਰ ਦੇ ਦੋਸ਼ ਲਗਾਏ।ਸੈਕਟਰ-35 ਤੋਂ 34 ਨੂੰ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਇਸ ਸੜਕ 'ਤੇ ਕਾਂਗਰਸੀ ਵਰਕਰ ਧਰਨੇ 'ਤੇ ਬੈਠ ਗਏ ਹਨ। ਪੁਲਿਸ ਨੇ ਮੁਜ਼ਾਹਰਾਕਾਰੀਆਂ ਨੂੰ ਕਿਹਾ ਹੈ ਕਿ ਜੇ ਉਹ ਜਲਦ ਧਰਨੇ ਤੋਂ ਨਹੀਂ ਉੱਠੇ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਚੁੱਕ ਲਿਆ ਜਾਵੇਗਾ।



