ਚੰਡੀਗ੍ਹੜ ਡੈਸਕ (Vikram Sehajpal) : ਪੰਜਾਬ ਕੈਬਨਿਟ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫ਼ੋਨ ਵੰਡਣ ਲਈ ਰੂਪ-ਰੇਖਾ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ , ਜਿਸ ਕਰਕੇ ਇਸ ਚੋਣ ਵਾਅਦੇ ਨੂੰ ਇਸ ਸਾਲ ਦਸੰਬਰ ਵਿੱਚ ਸਾਕਾਰ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ । ਇਹ ਫੈਸਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਨੌਜਵਾਨਾਂ ਨੂੰ ਮੋਬਾਇਲ ਦੇਣ ਦੀ ਯੋਜਨਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਅਤੇ ਇਸ ਸਬੰਧੀ ਪੰਜਾਬ ਸੂਚਨਾ ਟੈਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਵੱਲੋਂ ਟੈਂਡਰ ਮੰਗੇ ਜਾਣਗੇ। ਦੋ ਮਹੀਨਿਆਂ ਦੇ ਅੰਦਰ ਪੂਰੀ ਪ੍ਰੀਕ੍ਰਿਆ ਮੁਕੰਮਲ ਕਰ ਲਈ ਜਾਵੇਗੀ। ਦਸੰਬਰ ਮਹੀਨੇ 'ਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਮੋਬਾਇਲ ਉਨ੍ਹਾਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ, ਜਿਨ੍ਹਾਂ ਕੋਲ ਆਪਣਾ ਸਮਾਰਟ ਫੋਨ ਨਹੀਂ ਹੈ।



