ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਭਾਰਤ ਵੱਲੋਂ ਪਾਕਿਸਤਾਨ ਖਿਲਾਫ਼ ਏਅਰ ਸਟ੍ਰਾਈਕ ਤੋਂ ਬਾਅਦ ਦੋਹਾਂ ਮੁਲਕਾਂ ਵਿਚਕਾਰ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ। ਪਾਕਿਸਤਾਨ ਸਰਕਾਰ ਭਾਰਤ ਨਾਲ ਗੱਲਬਾਤ ਲਈ ਤਰਸ ਰਿਹਾ ਹੈ| ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਅੱਤਵਾਦ ਸਣੇ ਸਾਰੇ ਮੁੱਦਿਆਂ 'ਤੇ ਭਾਰਤ ਨਾਲ ਗੱਲਬਾਤ ਲਈ ਤਿਆਰ ਹੈ ਤੇ ਖੇਤਰ 'ਚ ਸ਼ਾਂਤੀ ਤੇ ਸਥਿਰਤਾ ਲਈ ਗੱਲਬਾਤ ਹੀ ਇਕਲੌਤਾ ਤਰੀਕਾ ਹੈ।

ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਖਾਨ ਨੇ ਮੈਂਬਰਾਂ ਨੂੰ 14 ਫਰਵਰੀ ਨੂੰ ਪੁਲਵਾਮਾ ਅੱਤਵਾਦੀ ਹਮਲੇ ਤੇ ਉਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨਾਲ ਜੁੜੇ ਤਾਜ਼ਾ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ। ਖਾਨ ਨੇ ਕਿਹਾ ਕਿ ਖੇਤਰ 'ਚ ਸ਼ਾਂਤੀ ਤੇ ਸਥਿਰਤਾ ਲਈ ਗੱਲਬਾਤ ਹੀ ਇਕਲੌਤਾ ਤਰੀਕਾ ਹੈ। ਜਿਓ ਨਿਊਜ਼ ਦੀ ਖਬਰ ਮੁਤਾਬਕ ਖਾਨ ਨੇ ਕੈਬਨਿਟ ਸਹਿਯੋਗੀਆਂ ਨੂੰ ਕਿਹਾ ਕਿ ਮੈਂ ਪੁਲਵਾਮਾ ਹਮਲੇ ਦੀ ਜਾਂਚ ਕਰਨ ਤੇ ਦੋ-ਪੱਖੀ ਮੁੱਦਿਆਂ 'ਤੇ ਗੱਲਬਾਤ ਲਈ ਭਾਰਤ ਨੂੰ ਪ੍ਰਸਤਾਵ ਦਿੱਤਾ ਸੀ।

ਪਾਕਿਸਤਾਨ ਅੱਤਵਾਦ ਸਣੇ ਸਾਰੇ ਮੁੱਦਿਆਂ 'ਤੇ ਭਾਰਤ ਨਾਲ ਗੱਲਬਾਤ ਲਈ ਤਿਆਰ ਹੈ। ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ ਕਿਹਾ ਕਿ ਗੱਲਬਾਤ ਸ਼ੁਰੂ ਕਰਨ ਤੋਂ ਪਹਿਲਾਂ ਉਸ ਨੂੰ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਦੇ ਖਿਲਾਫ ਠੋਸ ਕਦਮ ਚੁੱਕਣੇ ਹੋਣਗੇ। ਰਿਪੋਰਟ 'ਚ ਖਾਨ ਦੇ ਹਵਾਲੇ ਨਾਲ ਕਿਹਾ ਗਿਆ ਕਿ ਉਨ੍ਹਾਂ ਨੇ ਬੀਤੀ ਰਾਤ ਮੋਦੀ ਨੂੰ ਫੋਨ ਕਰਨ ਦੀ ਵੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਖਾਨ ਆਪਣੇ ਭਾਰਤੀ ਹਮਰੁਤਬਾ ਮੋਦੀ ਨਾਲ ਟੈਲੀਫੋਨ 'ਤੇ ਗੱਲ ਕਰਨ ਲਈ ਤਿਆਰ ਹਨ ਤਾਂ ਕਿ ਸ਼ਾਂਤੀ ਦੀ ਪੇਸ਼ਕਸ਼ ਕਰ ਸਕਣ।




