ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ। ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਵੱਲੋਂ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜਿਥੇ ਦੋਵਾਂ ਅਧਿਕਾਰੀਆਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਉਥੇ ਉਨਾਂ ਵੱਲੋਂ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਸਾਰੇ ਲੋੜੀਂਦੇ ਪ੍ਰਬੰਧਾਂ ਦੀ ਵਿਉਂਤਬੰਦੀ ਕੀਤੀ ਗਈ। ਇਸ ਦੌਰਾਨ ਉਨਾਂ ਗਰਾੳੂਂਡ ਦੀ ਤਿਆਰੀ, ਸਟੇਜ, ਸਟੇਡੀਅਮ ਦੀ ਸਜਾਵਟ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ, ਸੁਰੱਖਿਆ, ਬੈਰੀਕੇਡਿੰਗ, ਪਾਰਕਿੰਗ, ਖਿਡਾਰੀਆਂ ਦੇ ਠਹਿਰਨ, ਆਉਣ-ਜਾਣ, ਰਿਫਰੈਸ਼ਮੈਂਟ ਅਤੇ ਹੋਰਨਾਂ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਨੇ ਇਸ ਮੌਕੇ ਦੱਸਿਆ ਕਿ ਵਿਸ਼ਵ ਕਬੱਡੀ ਕੱਪ ਦੇ ਉਦਘਾਟਨੀ ਸਮਾਰੋਹ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਚਾਰ ਮੈਚ ਵੀ ਖੇਡੇ ਜਾਣਗੇ। ਉਨਾਂ ਦੱਸਿਆ ਕਿ ਇਸ ਸਮਾਰੋਹ ਵਿਚ 9 ਦੇਸ਼ਾਂ ਦੇ 162 ਖਿਡਾਰੀਆਂ ਤੋਂ ਇਲਾਵਾ 72 ਮੈਂਬਰਾਂ ਦਾ ਸਹਾਇਕ ਸਟਾਫ ਵੀ ਭਾਗ ਲਵੇਗਾ। ਉਨਾਂ ਦੱਸਿਆ ਕਿ ਟੂਰਨਾਮੈਂਟ ਵਿਚ ਭਾਗ ਲੈ ਰਹੇ ਦੇਸ਼ਾਂ ਵਿਚ ਭਾਰਤ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿੳੂਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਿਲ ਹਨ। ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ, ਜਿਥੇ ਫਾਈਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਣਗੇ। ਇਸ ਤੋਂ ਇਲਾਵਾ ਅੰਮਿ੍ਰਤਸਰ, ਫ਼ਿਰੋਜ਼ਪੁਰ, ਬਠਿੰਡਾ, ਪਟਿਆਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਮੈਚ ਖੇਡੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸ੍ਰੀ ਲਤੀਫ ਅਹਿਮਦ ਅਤੇ ਸ. ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਡੀ. ਐਸ. ਪੀ ਸੁਲਤਾਨਪੁਰ ਲੋਧੀ ਸ. ਸਰਵਨ ਸਿੰਘ ਬੱਲ, ਡਿਪਟੀ ਡਾਇਰੈਕਟਰ ਖੇਡਾਂ ਸ੍ਰੀ ਕਰਤਾਰ ਸਿੰਘ, ਤਹਿਸੀਲਦਾਰ ਸੁਲਤਾਨਪੁਰ ਲੋਧੀ ਸ੍ਰੀਮਤੀ ਸੀਮਾ ਸਿੰਘ, ਸ. ਚਰਨਜੀਤ ਸਿੰਘ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਜ਼ਿਲਾ ਖੇਡ ਅਫ਼ਸਰ ਸ੍ਰੀ ਪਰਦੀਪ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ, ਨਗਰ ਕੌਂਸਲ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ, ਪਿ੍ਰੰਸੀਪਲ ਐਸ. ਐਸ. ਰੰਧਾਵਾ, ਸ. ਪਲਵਿੰਦਰ ਸਿੰਘ ਪੱਪਾ, ਸ੍ਰੀ ਰਵਿੰਦਰ ਰਵੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
