ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਹੁਣ ਤਕ 41 ਮੌਤਾਂ, ਮਾਮਲੇ ‘ਚ 8 ਕਾਬੂ

by mediateam

ਅੰਮ੍ਰਿਤਸਰ (ਐਨ ਆਰ ਆਈ ਮੀਡਿਆ) : ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ 41 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ 7 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ 5 ਟੀਮਾਂ ਵੱਲੋਂ 40 ਤੋਂ ਵੱਧ ਛਾਪੇ ਮਾਰੇ ਗਏ। ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ 8 ਹੋ ਗਈ ਹੈ, ਜਿਨ੍ਹਾਂ ਵਿੱਚ ਬਲਵਿੰਦਰ ਕੌਰ ਵੀ ਸ਼ਾਮਲ ਹੈ, ਜਿਸ ਨੂੰ ਬੀਤੀ ਰਾਤ ਮੁਛਲ ਪਿੰਡ, ਥਾਣਾ ਤਰਸਿੱਕਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਸਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਨਕੇਲ ਕਸੀ ਜਾਵੇਗੀ।

ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮ੍ਰਿਤਸਰ ਦਿਹਾਤੀ ਜ਼ਿਲੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ । ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜਮਾਂ ਖਿਲਾਫ਼ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 253, 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨ੍ਹਾਂ ਕਿਹਾ ਕਿ ਮਿੱਠੂ ਨਾਂਅ ਦੇ ਜਿਸ ਵਿਅਕਤੀ ਨੂੰ ਪਿੰਡ ਜੱਸੋ ਨੰਗਲ, ਥਾਣਾ ਖਿਲਚੀਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ।

ਸੁੱਕਰਵਾਰ ਸ਼ਾਮ ਤੱਕ, ਅੰਮ੍ਰਿਤਸਰ ਦਿਹਾਤੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਵਾਲੇ 10 ਵਿਅਕਤੀ, ਬਟਾਲਾ ਵਿੱਚ 9 ਅਤੇ ਤਰਨਤਾਰਨ ਵਿੱਚ 19 ਵਿਅਕਤੀਆਂ ਦੀ ਮੌਤ ਹੋ ਗਈ ਹੈ। ਡੀਜੀਪੀ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸਟ ਤੌਰ ‘ਤੇ ਕਈ ਇਲਾਕਿਆਂ ਵਿਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦੇ ਨੈਟਵਰਕ ਦਾ ਫੈਲਾਅ ਫੈਲਿਆ ਹੋਇਆ ਹੈ। ਉਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਗਿਰਫਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..