ਰੁਜ਼ਗਾਰ ਦੀ ਤਲਾਸ਼ ‘ਚ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਰਾਜ ਸਰਕਾਰ ਦਾ ਵੱਡਾ ਫੈਸਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ 'ਤੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਰੁਜ਼ਗਾਰ ਦੀ ਤਲਾਸ਼ 'ਚ ਵਿਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ ਵਧੀਆ ਸਿੱਖਿਆ ਦੇਣ, ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ 'ਤੇ ਨੌਜਵਾਨਾਂ ਲਈ ਸੂਬੇ 'ਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ 'ਤੇ ਪੂਰੀ ਤਰ੍ਹਾਂ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖਿਆ ਅਤੇ ਨੌਕਰੀ ਲਈ ਉਨ੍ਹਾਂ ਨੂੰ ਹੋਰ ਮੁਲਕਾਂ ਵੱਲ ਨਾ ਦੇਖਣਾ ਪਵੇ।

ਮਾਲਟਾ ਕਾਂਡ 'ਤੇ ਹੋਰ ਦੁਖਦਾਈ ਘਟਨਾਵਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਸੁਪਨੇ ਸਾਕਾਰ ਕਰਨ ਲਈ ਵਿਦੇਸ਼ ਭੇਜਣ ਦੀ ਆੜ ‘ਚ ਹੋ ਰਹੀ ਮਾਨਵੀ ਤਸਕਰੀ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਧੰਦੇ ’ਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੂਬੇ ਦੇ ਭੋਲੇ-ਭਾਲੇ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਲੋਕਾਂ ਤੋਂ ਸੁਝਾਅ ਮੰਗਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਤਲਾਸ਼ਣ ਲਈ ਉਹ ਉਚੇਰੇ ਪੱਧਰ ‘ਤੇ ਵਿਚਾਰ ਕਰਨਗੇ। ਉਨ੍ਹਾਂ ਨੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ'ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਵਿਦੇਸ਼ ਜਾਣ ਲਈ ਹਮੇਸ਼ਾ ਕਾਨੂੰਨੀ ਰਸਤਾ ਹੀ ਅਖ਼ਤਿਆਰ ਕੀਤਾ ਜਾਵੇ।