ਆਮ ਆਦਮੀ ਪਾਰਟੀ ਨੇ ਬਦਲਿਆ ਪੰਜਾਬ ਮਾਮਲਿਆਂ ਦਾ ਸਹਿ-ਇੰਚਾਰਜ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਹੁਣ ਡਾ. ਸੰਦੀਪ ਪਾਠਕ ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਸਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਪਾਰਟੀ ਵੱਲੋਂ ਹੁਣ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਜਾ ਰਿਹਾ ਹੈ ਅਤੇ ਰਾਘਵ ਚੱਢਾ ਨੇ ਅੱਜ ਰਾਜ ਸਭਾ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਵੀ ਦਾਖ਼ਲ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਤੋਂ ਇਲਾਵਾ ਸਿਰਫ਼ ਗੋਆ 'ਚ ਹੀ 2 ਸੀਟਾਂ 'ਤੇ ਜਿੱਤ ਹਾਸਲ ਕਰ ਸਕੀ। ਹੁਣ ਦੇਸ਼ ਦੇ ਬਾਕੀ ਰਾਜਾਂ 'ਚ ਪਾਰਟੀ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਮੇਤ ਪਾਰਟੀ ਨੇ ਇਨ੍ਹਾਂ ਰਾਜਾਂ 'ਚ ਆਪਣੇ ਇੰਚਾਰਜ, ਸਹਿ-ਇੰਚਾਰਜ ਅਤੇ ਚੋਣ ਇੰਚਾਰਜ ਨਿਯੁਕਤ ਕੀਤੇ ਹਨ।