
ਲੁਧਿਆਣਾ (ਨੇਹਾ): ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਵੱਲੋਂ ਹਲਕਾ ਆਤਮ ਨਗਰ ਤੋਂ ਵਿਧਾਇਕ ਦੀ ਚੋਣ ਲੜਨ ਵਾਲੇ ਕਮਲਜੀਤ ਸਿੰਘ ਕੜਵਲ ਨੇ ਐਤਵਾਰ ਨੂੰ ਮੁੜ ਕਾਂਗਰਸ 'ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਨੇ ਕੜਵਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ।
ਕੜਵਲ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਸਰਕਾਰ ਹੁੰਦੇ ਹੋਏ ਪਾਰਟੀ ਨੂੰ ਛੱਡਿਆ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਕਾਂਗਰਸ 'ਚ ਰਹਿ ਕੇ ਜਿੱਥੇ ਆਸ਼ੂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣਗੇ, ਉੱਥੇ ਹੀ ਆਪਣਾ ਪੂਰਾ ਸਿਆਸੀ ਸਫ਼ਰ ਕਾਂਗਰਸ 'ਚ ਰਹਿ ਕੇ ਹੀ ਤੈਅ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜ਼ਿਮਨੀ ਚੋਣ ਨੂੰ ਆਪਣੀ ਚੋਣ ਸਮਝ ਕੇ ਲੜਕੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਯਤਨ ਕਰਨਗੇ।