ਗੁਰਦੁਆਰਾ ਅੰਦਰ ਵਾਪਰੀ ਬੇਅਦਬੀ ਮਾਮਲੇ ‘ਚ ਮੁਲਜ਼ਮ ਵੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਾਸਾਂਸੀ ਦੇ ਪਿੰਡ ਧਰਮਕੋਟ 'ਚ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮੱਸਾ ਸਿੰਘ ਤੇ ਉਸ ਦੇ ਪੁੱਤਰ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਧਰਮਕੋਟ ਦੇ ਗੁਰਦੁਆਰਾ ਸਾਹਿਬ ਅੰਦਰ ਹੋਈ ਬੇਅਦਬੀ ਦੇ ਮਾਮਲੇ ਵਿਚ ਮੁੱਖ ਦੋਸ਼ੀ ਮੱਸਾ ਸਿੰਘ 'ਤੇ ਉਸ ਦੇ ਪੁੱਤਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਜਿੱਥੇ ਅਦਾਲਤ ਵੱਲੋਂ ਉਨ੍ਹਾਂ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਤੀਸਰੇ ਦੋਸ਼ੀ ਭਾਰਤ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਈ ਸੀ। ਗ੍ਰੰਥੀ ਸਿੰਘ ਨੇ ਦੱਸਿਆ ਸੀ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸਹਿਜ ਪਾਠ ਲਈ ਉਹ ਜਦੋਂ ਤਿੰਨ ਵਜੇ ਦੇ ਕਰੀਬ ਆਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰੋਂ ਰੁਮਾਲਾ ਚੁੱਕਿਆ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਨੇ ਦੇਖਿਆ ਕਿ ਕਿਸੇ ਨੇ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਸਨ।

ਉਸ ਨੇ ਤੁਰੰਤ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ ਤਾਂ ਉਸ ਵਿੱਚ ਪਿੰਡ ਧਰਮਕੋਟ ਦੇ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਦੀ ਤਸਵੀਰ ਪਛਾਣ ਲਈ, ਜੋ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ ਵੇਲੇ ਹੀ ਆਉਂਦਾ ਸੀ। ਫੁਟੇਜ ਵਿੱਚ ਮੱਸਾ ਸਿੰਘ ਨੇ ਚਾਕੂ ਨਾਲ ਪਾਵਨ ਸਰੂਪ ਦੇ 39 ਅੰਗ ਪਾੜ ਕੇ ਬੇਅਦਬੀ ਕਰ ਦਿੱਤੀ ਸੀ।