SGPC ਦੇ ਜੂਨੀਅਰ ਮੀਤ ਪ੍ਰਧਾਨ ਦਾ ਦੇਹਾਂਤ, ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁਖ

by jaskamal

ਨਿਊਜ਼ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ (66) ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਆਪਣੇ ਪਿੱਛੇ ਆਪਣੀ ਧਰਮ ਪਤਨੀ, ਇਕ ਧੀ ਅਤੇ ਇਕ ਸਪੁੱਤਰ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਦਾ ਸਸਕਾਰ ਅੱਜ ਸ਼ਾਮ ਚਾਰ ਵਜੇ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਪ੍ਰਿੰ. ਸੁਰਿੰਦਰ ਸਿੰਘ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਗੁਰਦੇ ਤਬਦੀਲ ਕਰਵਾਏ ਸਨ।

ਦੱਸ ਦੇਈਏ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐੱਸ.ਸੀ. ਕੋਟੇ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ। ਇਸ ਦੁੱਖ ਦੀ ਘੜੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦੇ ਨਾਲ-ਨਾਲ ਹੋਰ ਇਲਾਕੇ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।