ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਵੀ ਹਿਰਾਸਤ ‘ਚ ਲਏ ਕਾਂਗਰਸੀ

by jaskamal

5 ਅਗਸਤ, ਨਿਊਜ਼ ਡੈਸਕ (ਸਿਮਰਨ) : ਵਧਦੀ ਮਹਿੰਗਾਈ ਨੂੰ ਲੈ ਕੇ ਦੇਸ਼ ਭਰ 'ਚ ਕਾਂਗਰਸ ਪਾਰਟੀ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਚੰਡੀਗੜ੍ਹ 'ਚ ਵੀ ਕਾਂਗਰਸ ਪਾਰਟੀ ਦੇ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਐਚ.ਐਸ.ਲੱਕੀ ਦੀ ਅਗਵਾਈ 'ਚ ਕੀਤਾ ਜਾ ਰਿਹਾ ਸੀ। ਦੱਸ ਦਈਏ ਇਸ ਪ੍ਰਦਰਸ਼ਨ ਦੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਦੇ ਵਿਚ ਲੈ ਲਿਆ।

ਦੱਸ ਦਈਏ ਕਿ ਪੁਲਿਸ ਨੇ ਇਸ ਪ੍ਰਦਰਸ਼ਨ ਨੂੰ ਲੈਕੇ ਪੂਰੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਪਹਿਲਾਂ ਬੈਰੀਕੇਡਿੰਗ ਲਗਾ ਕੇ ਥੋੜ੍ਹੀ ਦੂਰੀ 'ਤੇ ਹੀ ਰੋਕ ਲਿਆ ਸੀ। ਅਤੇ ਕਾਂਗਰਸ ਪ੍ਰਧਾਨ ਐਚ.ਐਸ.ਲੱਕੀ ਸਮੇਤ ਕਈ ਵਰਕਰਾਂ ਨੂੰ ਗ੍ਰਿਫਤਾਰ ਕਰਕੇ ਥਾਣੇ ਲਿਜਾਇਆ ਗਿਆ।

ਇਸ ਦੌਰਾਨ ਕਾਂਗਰਸੀਆਂ ਨੇ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਆਮ ਆਦਮੀ ਦਾ ਜਿਉਣਾ ਮੁਸ਼ਕਲ ਹੋ ਗਿਆ ਹੈ, ਇਸ ਵਧਦੀ ਮਹਿੰਗਾਈ ਕਾਰਨ ਸੱਤਾਧਾਰੀ ਭਾਜਪਾ ਦੀ ਕੇਂਦਰ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਇਹ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਾਂ।

ਇਸ ਪ੍ਰਦਰਸ਼ਨ ਦੇ ਨਾਲ ਕਾਂਗਰਸੀਆਂ ਨੇ ਰਾਜਪਾਲ ਨੂੰ ਇੱਕ ਮੰਗ ਪੱਤਰ ਵੀ ਦੇਣਾ ਸੀ ਪਰ ਇਸ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਨੂੰ ਹਿਰਾਸਤ ਦੇ ਵਿਚ ਲੈ ਲਿਆ ਅਤੇ ਅੱਗੇ ਵੱਧ ਹੀ ਨਹੀਂ ਦਿੱਤਾ।

ਜਿਕਰਯੋਗ ਹੈ ਕਿ ਅੱਜ ਦਿੱਲੀ ਦੇ ਵਿਚ ਵੀ ਕਾਂਗਰਸ ਸਰਕਾਰ ਦੇ ਵੱਲੋਂ ਕੇਂਦਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ ਜਿਥੇ ਕਿ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਗੁਰਜੀਤ ਔਜਲਾ, ਮਨੀਸ਼ ਤਿਵਾੜੀ ਸਣੇ ਕਈ ਲੀਡਰਾਂ ਨੂੰ ਦਿੱਲੀ ਪੁਲਿਸ ਦੇ ਵੱਲੋਂ ਹਿਰਾਸਤ 'ਚ ਲਿਆ ਗਿਆ ਸੀ। ਹੁਣ ਚੰਡੀਗ੍ਹੜ ਦੇ ਵਿਚ ਵੀ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਥੇ ਕਿ ਉਨ੍ਹਾਂ ਨੂੰ ਵੀ ਅੱਗੇ ਤੱਕ ਕੂਚ ਨਹੀਂ ਕਰਨ ਦਿੱਤਾ ਗਿਆ ਅਤੇ ਚੰਡੀਗੜ੍ਹ ਪੁਲਿਸ ਨੇ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ।