ਖੇਤੀ ਕਾਨੂੰਨ: ਪੈਰਿਸ ਵਿੱਚ ਭਾਰਤੀ ਸਫ਼ਾਰਤਖਾਨੇ ਸਾਹਮਣੇ ਧਰਨਾ

by vikramsehajpal

ਪੈਰਿਸ (ਦੇਵ ਇੰਦਰਜੀਤ)- ਸਮੂਹ ਗੁਰੁੂ ਘਰਾਂ, ਜਥੇਬੰਦੀਆਂ, ਸੁਸਾਇਟੀਆਂ ਅਤੇ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਇੱਥੇ ਭਾਰਤੀ ਸਫ਼ਾਰਤਖ਼ਾਨੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਭਾਰਤ ਦੇ ਸੰਘਰਸ਼ਸ਼ੀਲ ਕਿਸਾਨਾਂ ਦੀ ਹਮਾਇਤ ਵਿੱਚ ਇੱਥੋਂ ਦੇ ਲੋਕਾਂ ਵੱਲੋਂ ਇਸ ਤੋਂ ਪਹਿਲਾਂ ਵੀ ਸਫ਼ਾਰਤਖ਼ਾਨੇ ਅੱਗੇ ਦੋ ਵਾਰ ਰੋਸ ਧਰਨੇ ਦਿੱਤੇ ਜਾ ਚੁੱਕੇ ਹਨ।
ਤੀਜੀ ਵਾਰ ਦਿੱਤੇ ਰੋਸ ਧਰਨੇ ਦੌਰਾਨ ਔਰਤਾਂ ਅਤੇ ਬੱਚਿਆਂ ਨੇ ਹੱਡ-ਚੀਰਵੀਂ ਠੰਢ ਦੇ ਬਾਵਜੂਦ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਦੌਰਾਨ ਕਈ ਔਰਤਾਂ ਨੇ ਬੱਚਿਆਂ ਨੂੰ ਕੁੱਛੜ ਚੁੱਕਿਆ ਹੋਇਆ ਸੀ। ਲੋਕਾਂ ਵੱਲੋਂ ਫਰੈਂਚ, ਅੰਗਰੇਜ਼ੀ ਅਤੇ ਪੰਜਾਬੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਲਿਖੀਆਂ ਹੋਈਆਂ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ਉੱਪਰ ‘ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ’, ‘ਨੋ ਫਾਰਮਰ, ਨੋ ਫੂਡ, ਨੋ ਫਿਊਚਰ’ ਆਦਿ ਨਾਅਰੇ ਲਿਖੇ ਹੋਏ ਸਨ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਭਾਰਤੀ ਗਣਤੰਤਰ ਦਿਵਸ ਮੌਕੇ ਛੱਬੀ ਜਨਵਰੀ ਨੂੰ ਵੀ ਚੌਥੀ ਵਾਰ ਧਰਨਾ ਦਿੱਤਾ ਜਾਵੇਗਾ।