ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਜਨਾਲਾ ਥਾਣਾ ਹਿੰਸਾ ਮਾਮਲੇ ‘ਚ ਝਟਕਾ ! ਪੜ੍ਹੇ Update

by jaskamal

ਪੱਤਰ ਪ੍ਰੇਰਕ : ਪੰਜਾਬ ਹਰਿਆਣਾ ਹਾਈਕੋਰਟ ਨੇ ਅਜਨਾਲਾ ਥਾਣਾ ਹਿੰਸਾ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਅਜਨਾਲਾ ਥਾਣੇ 'ਚ ਹਮਲੇ ਦੇ ਮੁਲਜ਼ਮ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਨੇ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕਿਹਾ ਕਿ ਕਿਸੇ ਵੀ ਨਾਗਰਿਕ ਲਈ ਨਿਆਂ ਦੇ ਪ੍ਰਬੰਧ ਵਿੱਚ ਦਖਲ ਦੇਣਾ ਅਤੇ ਭੀੜ ਦੇ ਜ਼ੋਰ 'ਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਇਲਜ਼ਾਮ ਬਹੁਤ ਗੰਭੀਰ ਹਨ ਅਤੇ ਅਜਿਹੀ ਸਥਿਤੀ ਵਿੱਚ ਪਟੀਸ਼ਨਕਰਤਾਵਾਂ ਨੂੰ 8 ਮਹੀਨੇ ਹਿਰਾਸਤ ਵਿੱਚ ਰਹਿਣ ਦੀ ਅਪੀਲ ਨੂੰ ਸਵੀਕਾਰ ਕਰਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਦੱਸ ਦੇਈਏ ਕਿ ਬੀਤੀ 23 ਫਰਵਰੀ ਨੂੰ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਨੇ ਵਿਰੋਧ ਕਰਕੇ ਆਪਣੇ ਵਰਕਰ ਨੂੰ ਛੁਡਵਾਇਆ ਸੀ। ਇਸ ਦੌਰਾਨ ਪੁਲੀਸ ਨਾਲ ਝੜਪ ਵਿੱਚ ਇੱਕ ਪੁਲੀਸ ਸੁਪਰਡੈਂਟ ਸਮੇਤ 6 ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।

ਦੱਸ ਦਈਏ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਵਕੀਲਾਂ ਨੇ ਆਪਣੇ ਪੱਖ ਰੱਖਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਦੋਵਾਂ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਹੋਣ ਦਾ ਦਾਅਵਾ ਕੀਤਾ ਸੀ, ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਭੜਕਾਊ ਬਿਆਨ ਦਿੱਤੇ ਸਨ। ਇਸ ਦੇ ਨਾਲ ਹੀ ਪਟੀਸ਼ਨਰਾਂ ਤੋਂ ਬਰਾਮਦ ਕੀਤੇ ਹਥਿਆਰਾਂ ਅਤੇ ਸਬੰਧਤ ਸਮੱਗਰੀ ਦਾ ਵੀ ਹਵਾਲਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ।