ਪੱਤਰ ਪ੍ਰੇਰਕ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਬੰਟੀ ਰੋਮਾਣਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੂੰ ਮੁਹਾਲੀ ਪੁਲਿਸ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਮੁਤਾਬਕ ਫੇਕ ਵੀਡੀਓ ਸ਼ੇਅਰ ਕਰਨ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਉਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬੰਟੀ ਰੋਮਾਣਾ 'ਤੇ ਇਲਜ਼ਾਮ ਹੈ ਕਿ ਉਨ੍ਹਾਂ ਵਲੋਂ ਗਾਇਕ ਕੰਵਰ ਸਿੰਘ ਗਰੇਵਾਲ ਦੇ ਗੀਤ ਨਾਲ ਛੇੜਛਾੜ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਗੀਤ ਵਿੱਚ ਗਲਤ ਢੰਗ ਨਾਲ ਐਡਿਟ ਕੀਤਾ ਗਿਆ ਹੈ। ਇਸ ਗੀਤ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਗਿਆ ਹੈ, ਜੋ ਕਾਫ਼ੀ ਵਾਇਰਲ ਹੋ ਗਿਆ।
ਉਧਰ ਇਸ ਗੀਤ ਨਾਲ ਸੂਬਾ ਸਰਕਾਰ ਦੀ ਖੂਬ ਭੰਡੀ ਹੋ ਰਹੀ ਹੈ। ਜਾਣਕਾਰੀ ਮੁਤਾਬਕ ਇਸ ਵੀਡੀਓ ਨੂੰ ਟਵੀਟ ਕਰਨ ਦੇ ਚੱਲਦੇ ਹੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਦੇ ਸਾਈਬਰ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਜਿਸ ਕਾਰਨ ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ ਅਤੇ ਬਾਅਦ ਵਿੱਚ ਉਸਦੀ ਗ੍ਰਿਫਤਾਰੀ ਕੀਤੀ ਗਈ ਹੈ। ਬੰਟੀ ਰੋਮਾਣਾ ਨੂੰ ਸੈਕਟਰ 3 ਤੋਂ ਗ੍ਰਿਫਤਾਰ ਕੀਤਾ ਹੈ।



