ਚੰਡੀਗੜ (ਇੰਦਰਜੀਤ ਸਿੰਘ) : ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ 'ਚ ਭੇਜੇ ਗਏ ਹਥਿਆਰਾਂ ਦੇ ਜ਼ਖੀਰੇ ਤੋਂ ਬਾਅਦ ਕੇਂਦਰੀ ਖੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਅਲਰਟ ਕੀਤਾ ਹੈ ਕਿ ਪਾਕਿਸਤਾਨੀ ਅੱਤਵਾਦੀ ਪੰਜਾਬ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਹਨ।ਇਸ ਸਬੰਧੀ ਜਦੋਂ ਡੀਜੀਪੀ ਦਿਨਕਰ ਗੁਪਤਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਭੇਜਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਹਥਿਆਰਾਂ ਤੋਂ ਇਹੀ ਲੱਗਦਾ ਹੈ ਕਿ ਇਹ ਕਿਸੇ ਵੱਡੀ ਵਾਰਦਾਤ ਲਈ ਭੇਜੇ ਗਏ ਹਨ। ਇਸ ਮਾਮਲੇ ਦੇ ਤਾਰ ਵਿਦੇਸ਼ਾਂ ਨਾਲ ਜੁੜੇ ਹੋਣ ਕਰ ਕੇ ਕੇਂਦਰੀ ਸੁਰੱਖਿਆ ਏਜੰਸੀਆਂ ਉਚ ਪੱਧਰੀ ਜਾਂਚ ਕਰ ਰਹੀਆਂ ਹਨ ਅਤੇ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਂਲੀਜੈਂਸ ਵੀ ਜਾਂਚ 'ਚ ਸਹਿਯੋਗ ਕਰ ਰਹੀ ਹੈ।
ਐੱਨਆਈਏ ਨੇ ਪਿਛਲੇ ਦਿਨੀਂ ਇਸ ਮਾਮਲੇ 'ਚ ਸ਼ਾਮਲ ਕਈ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਅਤੇ ਉਨ੍ਹਾਂ ਤੋਂ ਪੁੱਛਗਿੱਛ ਚੱਲ ਰਹੀ ਹੈ। ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਤੋਂ ਕਿਸ ਅੱਤਵਾਦੀ ਸੰਗਠਨ ਨੇ ਭੇਜੇ, ਅੱਗੇ ਇਹ ਹਥਿਆਰ ਕਿਹੜੇ-ਕਿਹੜੇ ਵਿਅਕਤੀਆਂ ਕੋਲ ਸਪਲਾਈ ਹੋਣੇ ਸਨ ਅਤੇ ਉਨ੍ਹਾਂ ਨੇ ਕਿਹੜੀ ਵਾਰਦਾਤ ਨੂੰ ਅੰਜਾਮ ਦੇਣਾ ਸੀ, ਆਦਿ ਸਾਰੇ ਸਵਾਲਾਂ ਦੇ ਜਵਾਬ ਜਾਨਣ ਲਈ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਐੱਨਆਈਏ ਪੜਤਾਲ ਕਰ ਰਹੀ ਹੈ।ਡੀਜੀਪੀ ਨੇ ਸਵਾਲ ਦੇ ਜਵਾਬ 'ਚ ਦੱਸਿਆ ਕਿ ਸੂਬੇ 'ਚ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਲਈ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਜਨਤਕ, ਵਿੱਦਿਅਕ, ਸਿਹਤ, ਰੇਲਵੇ, ਬੱਸ ਸਟੈਂਡਾਂ, ਬਾਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ 'ਤੇ ਪੁਲਿਸ ਦੀ ਗਸ਼ਤ ਵਧਾਉਣ ਅਤੇ ਸ਼ਰਾਰਤੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਗਿਆ ਹੈ।
ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ਭੇਜੇ ਗਏ ਹਥਿਆਰਾਂ ਦੇ ਜ਼ਖੀਰੇ ਦੇ ਮਾਮਲੇ ਨੂੰ ਪੰਜਾਬ ਪੁਲਿਸ ਚੁਣੌਤੀ ਮੰਨਦੇ ਹੋਏ ਗੰਭੀਰਤਾ ਨਾਲ ਲੈ ਰਹੀ ਹੈ। ਗ੍ਰਿਫ਼ਤਾਰ ਕੇਜੀਐੱਫ ਦੇ ਕਥਿਤ ਅੱਤਵਾਦੀ ਸਲੀਪਰ ਸੈਲ ਵਾਂਗ ਕੰਮ ਕਰ ਰਹੇ ਸਨ।ਇਕ ਹੋਰ ਸਵਾਲ ਦੇ ਜਵਾਬ 'ਚ ਡੀਜੀਪੀ ਨੇ ਦੱਸਿਆ ਕਿ ਵਿਦੇਸ਼ਾਂ 'ਚ ਬੈਠੇ ਅੱਤਵਾਦੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਵਰਗਲਾ ਕੇ ਤੇ ਫੰਡਿੰਗ ਕਰ ਕੇ ਗ਼ਲਤ ਕੰਮਾਂ 'ਚ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਵਿਦੇਸ਼ਾਂ ਤੋਂ ਫੰਡਿੰਗ ਕਰ ਕੇ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਰੀਬ 25 ਮੌਡਿਊਲਜ਼ ਦਾ ਪਰਦਾਫਾਸ਼ ਕੀਤਾ ਗਿਆ ਹੈ। ਡੀਜੀਪੀ ਨੇ ਦਾਅਵਾ ਕੀਤਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਵਿਗਾੜਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ।



