
ਅੰਮ੍ਰਿਤਸਰ (ਰਾਘਵ): ਜ਼ਿਲ੍ਹਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ’ਚ ਕਬੂਤਰਬਾਜ਼ੀ ਮੁਕਾਬਲਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 25 ਅਗਸਤ ਤੱਕ ਲਾਗੂ ਰਹੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਭਾਰਤੀ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਬੂਤਰਬਾਜ਼ੀ ਮੁਕਾਬਲਿਆਂ ਦੌਰਾਨ ਪੀ. ਸੀ. ਏ. ਐਕਟ 1960 ਦੀ ਧਾਰਾ 3 ਅਤੇ 11 ਦੀ ਉਲੰਘਣਾ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਮਾਣਯੋਗ ਸੁਪਰੀਮ ਕੋਰਟ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੇ ਮੁਕਾਬਲੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹਨ, ਇਸ ਲਈ ਜ਼ਿਲੇ ’ਚ ਅਜਿਹੇ ਕਬੂਤਰਬਾਜ਼ੀ ਮੁਕਾਬਲਿਆਂ ’ਤੇ ਪਾਬੰਦੀ ਹੈ। ਜੇਕਰ ਕੋਈ ਵਿਅਕਤੀ ਅਜਿਹੀਆਂ ਗਤੀਵਿਧੀਆਂ ’ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਐਕਟ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।