ਪੱਤਰ ਪ੍ਰੇਰਕ : ਜੰਮੂ ਦੇ ਰਾਜੌਰੀ ਇਲਾਕੇ 'ਚ ਸ਼ਹੀਦ ਹੋਏ ਪਿੰਡ ਭਸੋਦ, ਧੂਰੀ ਦੇ 25 ਸਾਲਾ ਕਾਂਸਟੇਬਲ ਹਰਸਿਮਰਨ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ 'ਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਹਰਸਿਮਰਨ ਸਿੰਘ ਨੂੰ ਫੌਜੀ ਸਨਮਾਨਾਂ ਨਾਲ ਸ਼ਰਧਾਂਜਲੀ ਦਿੱਤੀ ਗਈ।
ਸਸਕਾਰ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਤਰਫੋਂ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਹਰਸਿਮਰਨ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਪ੍ਰੋਫੈਸਰ ਓਮਕਾਰ ਸਿੰਘ ਅਤੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਜ) ਅਨਮੋਲ ਸਿੰਘ ਧਾਲੀਵਾਲ ਨੇ ਵੀ ਫੁੱਲ ਮਾਲਾਵਾਂ ਪਾ ਕੇ ਸ਼ਹੀਦ ਨੂੰ ਸਲਾਮੀ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਹਰਸਿਮਰਨ ਸਿੰਘ ਨੇ ਦੇਸ਼ ਦੀ ਰੱਖਿਆ ਅਤੇ ਸੇਵਾ ਲਈ ਆਪਣਾ ਬਲਿਦਾਨ ਦਿੱਤਾ ਹੈ, ਇਸ ਲਈ ਉਹ ਪੰਜਾਬ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸਿਮਰਨ ਸਿੰਘ ਦੀ ਸ਼ਹਾਦਤ ਉਨ੍ਹਾਂ ਦੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

